ਫ਼ੋਟੋ ਕੈਪਸ਼ਨ : ਟੀਕਾ ਲਗਵਾਉਂਣ ਤੋਂ ਬਾਅਦ ਸਿਹਤ ਅਧਿਕਾਰੀ ਅਤੇ ਟੀਕਾ ਲਗਵਾਉਂਦੇ ਹੋਏ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ।
ਐਸ.ਏ.ਐਸ ਨਗਰ,(AZAD SOCH NEWS):- ਜ਼ਿਲ੍ਹਾ ਮੋਹਾਲੀ ਵਿਚ ‘ਕੋਰੋਨਾ ਵਾਇਰਸ’ ਮਹਾਂਮਾਰੀ ਤੋਂ ਬਚਾਅ ਲਈ ਇੰਜੈਕਸ਼ਨ ਲਾਉਣ ਦੀ ਮੁਹਿੰਮ ਨੂੰ ਹੋਰ ਬਲ ਦਿੰਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਸਮੇਤ ਸੀਨੀਅਰ ਸਿਹਤ ਅਧਿਕਾਰੀਆਂ ਨੇ ਅੱਜ ਜ਼ਿਲ੍ਹਾ ਹਸਪਤਾਲ ਵਿਖੇ ‘ਕੋਵੀਸ਼ੀਲਡ’ ਇੰਜੈਕਸ਼ਨ ਲਗਵਾਏ।
ਸਿਵਲ ਸਰਜਨ ਤੋਂ ਇਲਾਵਾ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਵੀਨਾ ਜਰੇਵਾਲ ਅਤੇ ਐਸ.ਐਮ.ਓ. ਘੜੂੰਆਂ ਹਸਪਤਾਲ ਡਾ. ਕੁਲਜੀਤ ਕੌਰ ਨੇ ਵੀ ਇਸ ਮਹਾਂਮਾਰੀ ਤੋਂ ਬਚਾਅ ਲਈ ਟੀਕਾ ਲਗਵਾਇਆ। ਇਸ ਤੋਂ ਪਹਿਲਾਂ ਜ਼ਿਲ੍ਹਾ ਹਸਪਤਾਲ ਦੇ ਐਸ.ਐਮ.ਓ. ਡਾ. ਵਿਜੇ ਭਗਤ, ਐਸ.ਐਮ.ਓ. 2 ਡਾ. ਹਰਮਿੰਦਰਜੀਤ ਸਿੰਘ ਚੀਮਾ ਸਮੇਤ ਸਿਵਲ ਸਰਜਨ ਦਫ਼ਤਰ ਅਤੇ ਹਸਪਤਾਲ ਦੇ ਕਈ ਮੁਲਾਜ਼ਮ ਇੰਜੈਕਸ਼ਨ ਲਗਵਾ ਚੁੱਕੇ ਹਨ।
ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਇਸ ਮੁਹਿੰਮ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ਅਤੇ ਇੰਜੈਕਸ਼ਨ ਲਾਉਣ ਦਾ ਕੰਮ ਮਾਹਰ ਡਾਕਟਰਾਂ ਦੀ ਦੇਖਰੇਖ ਹੇਠ ਕੀਤਾ ਜਾ ਰਿਹਾ ਹੈ,ਉਨ੍ਹਾਂ ਕਿਹਾ ਕਿ ਇਹ ਦਵਾਈ ਬੇਹੱਦ ਸੁਰੱਖਿਅਤ ਹੈ ਅਤੇ ਹਾਲੇ ਤਕ ਕਿਸੇ ਵੀ ਵਿਅਕਤੀ ਅੰਦਰ ਇਸ ਦਵਾਈ ਦਾ ਮਾੜਾ ਅਸਰ ਨਹੀਂ ਦਸਿਆ।
ਸਿਵਲ ਸਰਜਨ ਨੇ ਕਿਹਾ ਕਿ ਸਾਡੇ ਦੇਸ਼ ਦੇ ਵਿਗਿਆਨੀ ਅਤੇ ਡਾਕਟਰ ਇਸ ਗੱਲ ਲਈ ਪ੍ਰਸ਼ੰਸਾ ਦੇ ਪਾਤਰ ਹਨ ਕਿ ਉਨ੍ਹਾਂ ਨੇ ਮਨੁੱਖਤਾ ਦੀ ਭਲਾਈ ਲਈ ਏਨੇ ਘੱਟ ਸਮੇਂ ਵਿਚ ਦਵਾਈ ਤਿਆਰ ਕੀਤੀ ਹੈ,ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭਾਵੇਂ ਇਸ ਬੀਮਾਰੀ ਦਾ ਟੀਕਾ ਬਣ ਗਿਆ ਹੈ ਪਰ ਹਾਲੇ ਵੀ ਸਾਵਧਾਨ ਰਹਿਣ ਦੀ ਲੋੜ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ,ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ,ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow