1984 ਦੇ ਸਿੱਖ ਕਤਲੇਆਮ ਮਾਮਲੇ 'ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ 'ਤੇ ਦੋਸ਼ ਤੈਅ
New Delhi,31 August,2024,(Azad Soch News):- 1984 ਦੇ ਸਿੱਖ ਕਤਲੇਆਮ ਮਾਮਲੇ 'ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ (Rouse Avenue Court) ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ 'ਤੇ ਦੋਸ਼ ਤੈਅ ਕਰ ਦਿੱਤੇ ਹਨ,ਅਦਾਲਤ ਨੇ ਕਾਂਗਰਸੀ ਆਗੂ ਖ਼ਿਲਾਫ਼ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਦੋਸ਼ ਆਇਦ ਕੀਤੇ ਹਨ,ਸੀਬੀਆਈ ਨੇ 20 ਮਈ 2023 ਨੂੰ ਇਸ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ,ਇਸ ਤੋਂ ਪਹਿਲਾਂ 19 ਜੁਲਾਈ ਨੂੰ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਇਸ ਮਾਮਲੇ 'ਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ,ਇਸ ਮਾਮਲੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ,ਇਕ ਗਵਾਹ ਨੇ ਦੋਸ਼ ਲਾਇਆ ਸੀ ਕਿ ਟਾਈਟਲਰ 1 ਨਵੰਬਰ 1984 ਨੂੰ ਗੁਰਦੁਆਰਾ ਪੁਲ ਬੰਗਸ਼ ਦੇ ਸਾਹਮਣੇ ਅੰਬੈਸਡਰ ਕਾਰ ਤੋਂ ਉਤਰਿਆ ਅਤੇ ਭੀੜ ਨੂੰ ਸਿੱਖਾਂ ਨੂੰ ਮਾਰਨ ਲਈ ਉਕਸਾਇਆ,ਸੀਬੀਆਈ (CBI) ਨੇ ਆਪਣੀ ਚਾਰਜਸ਼ੀਟ ਵਿੱਚ ਕਿਹਾ ਸੀ ਕਿ ਸਿੱਖ ਦੰਗਿਆਂ ਦੌਰਾਨ ਪੁਲ ਬੰਗਸ਼ ਗੁਰਦੁਆਰੇ ਦੇ ਆਜ਼ਾਦ ਮਾਰਕੀਟ ਇਲਾਕੇ ਵਿੱਚ ਮੌਜੂਦ ਜਗਦੀਸ਼ ਟਾਈਟਲਰ ਨੇ ਭੀੜ ਨੂੰ ਭੜਕਾਇਆ ਸੀ, ਜਿਸ ਤੋਂ ਬਾਅਦ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਗਈ ਸੀ,ਇਸ ਹਿੰਸਾ ਵਿੱਚ ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰੂ ਚਰਨ ਸਿੰਘ ਮਾਰੇ ਗਏ ਸਨ,ਸੀਬੀਆਈ (CBI) ਨੇ ਟਾਈਟਲਰ ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 147 (ਦੰਗੇ), 109 (ਉਕਸਾਉਣ) ਅਤੇ 302 (ਕਤਲ) ਦੇ ਤਹਿਤ ਦੋਸ਼ੀ ਠਹਿਰਾਇਆ ਸੀ।