ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-10-2024 ਅੰਗ 648
ਸਲੋਕੁ ਮਃ ੩
॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥॥
ਸ਼ੁੱਕਰਵਾਰ, ੧੯ ਅੱਸੂ (ਸੰਮਤ ੫੫੬ ਨਾਨਕਸ਼ਾਹੀ) ੪ ਅਕਤੂਬਰ, ੨੦੨੪ (ਅੰਗ: ੬੪੮)ਪੰਜਾਬੀ ਵਿਆਖਿਆ : ਸਲੋਕੁ ਮਃ ੩
ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ,ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ । ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤਿ੍ਰਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ । ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨। ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ । (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ । ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ ।੧੭।