ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ 10 ਲਾਇਬ੍ਰੇਰੀਆਂ ਦਾ

ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ 10 ਲਾਇਬ੍ਰੇਰੀਆਂ ਦਾ

ਫ਼ਤਹਿਗੜ੍ਹ ਸਾਹਿਬ, 21 ਜਨਵਰੀ:

          ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ ਲਾਇਬ੍ਰੇਰੀਆਂ ਵਿੱਚੋਂ 10 ਲਾਇਬ੍ਰੇਰੀਆਂ ਦਾ ਕੰਮ 31 ਜਨਵਰੀ ਤੱਕ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਅਤੇ ਬਾਕੀ ਰਹਿੰਦੀਆਂ 08 ਲਾਇਬ੍ਰੇਰੀਆਂ ਵੀ ਸਮੇਂ ਸਿਰ ਤਿਆਰ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੇ ਬੌਧਿਕ ਵਿਕਾਸ ਲਈ ਪਿੰਡਾਂ ਵਿੱਚ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ ਜਿਥੇ ਕਿ ਲੋਕਾਂ ਨੂੰ ਵੱਖ-ਵੱਖ ਵਿਸ਼ਿਆਂ ਵਿੱਚ ਗਿਆਨ ਹਾਸਲ ਹੋਵੇਗਾ।

          ਡਾ: ਸੋਨਾ ਥਿੰਦ ਨੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਸਰਕਾਰ ਤੋਂ ਹੋਰ ਗ੍ਰਾਂਟਾਂ ਦੀ ਮੰਗ ਕਰਕੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਅਣ-ਵਰਤੇ ਫੰਡਾਂ ਨੂੰ ਜਾਂ ਤਾਂ ਸਬੰਧਤ ਵਿਭਾਗ ਨੂੰ ਵਾਪਸ ਕੀਤਾ ਜਾਵੇ ਜਾਂ ਵਿਕਾਸ ਕਾਰਜਾਂ ਸਬੰਧੀ ਰੂਪ ਰੇਖਾ ਤਿਆਰ ਕੀਤੀ ਜਾਵੇ ਤਾਂ ਜੋ ਪਿੰਡਾਂ ਦੇ ਵਿਕਾਸ ਕਾਰਜ ਮੁਕੰਮਲ ਹੋ ਸਕਣ।

          ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ਼ ਨੂੰ ਇਹ ਵੀ ਕਿਹਾ ਕਿ ਆਵਾਸ ਯੋਜਨਾ ਅਧੀਨ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦੇ ਲੰਬਿਤ ਪਏ ਕੰਮ ਨੂੰ ਤੁਰੰਤ ਨੇਪਰੇ ਚੜ੍ਹਾਇਆ ਜਾਵੇ। ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਪੰਜਾਬ ਨਿਰਮਾਣ ਸਕੀਮ ਦੇ ਲੰਬਿਤ ਪਏ ਫੰਡਾਂ ਬਾਰੇ ਵੀ ਤੁਰੰਤ ਰਿਪੋਰਟ ਦੇਣ ਦੀ ਹਦਾਇਤ ਕੀਤੀ।

          ਮਾਲ ਵਿਭਾਗ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਮਾਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਰਿਕਵਰੀ ਦੇ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ ਅਤੇ ਹੋਰ ਲੰਬਿਤ ਪਏ ਕੰਮਾਂ ਨੂੰ ਸਮੇਂ ਸਿਰ ਨੇਪਰੇ ਚੜਾਉਣ ਨੂੰ ਯਕੀਨੀ ਬਣਾਇਆ ਜਾਵੇ।  ਉਨ੍ਹਾਂ ਬਾਲ ਸੁਰੱਖਿਆ ਯੂਨਿਟ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਸਕੂਲ ਬੱਸਾਂ ਦੇ ਡਰਾਇਵਰਾਂ ਤੇ ਅਟੈਡੰਟਜ਼ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਕੁਮਾਰ, ਐਸ.ਡੀ.ਐਮ. ਖਮਾਣੋਂ ਮਨਰੀਤ ਰਾਣਾ, ਐਸ.ਡੀ.ਐਮ. ਅਮਲੋਹ ਚੇਤਨ ਬੰਗੜ, ਐਸ.ਡੀ.ਐਮ. ਬਸੀ ਪਠਾਣਾ ਹਰਬੀਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Tags:

Advertisement

Latest News