ਕਿਸਾਨਾਂ ਖ਼ਿਲਾਫ਼ ਦਰਜ 25 ਐਫ.ਆਈ.ਆਰਜ਼. ਰੱਦ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 9 ਅਕਤੂਬਰ:
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਕਿਸਾਨਾਂ ਵਿਰੁੱਧ ਦਰਜ 25 ਐਫ.ਆਈ.ਆਰਜ਼. ਰੱਦ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕਿਸਾਨ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਹੋਰ ਐਫ.ਆਈ.ਆਰਜ਼. ਵੀ ਪ੍ਰਕਿਰਿਆ ਅਧੀਨ ਹਨ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਸਪੈਸ਼ਲ ਡੀ.ਜੀ.ਪੀ. (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਪੰਜਾਬ ਖੇਤੀ ਮਜ਼ਦੂਰ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ ਪੰਜਾਬ ਖੇਤੀਬਾੜੀ ਨੀਤੀ ਸਬੰਧੀ ਉਨ੍ਹਾਂ ਦੀਆਂ ਚਿੰਤਾਵਾਂ ਬਾਰੇ ਜਾਨਣਾ ਅਤੇ ਸੁਝਾਅ ਲੈਣਾ ਸੀ।
ਇਸ ਮੀਟਿੰਗ ਵਿੱਚ ਬੀ.ਕੇ.ਯੂ. (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਇੱਕ ਵਫ਼ਦ ਸ਼ਾਮਲ ਹੋਇਆ ਜਿਸ ਵਿੱਚ ਜੋਰਾ ਸਿੰਘ ਨਸਰਾਲੀ, ਲਛਮਣ ਸੇਵੇਵਾਲਾ, ਝੰਡਾ ਸਿੰਘ ਜੇਠੂਕੇ ਅਤੇ ਸੁਖਦੇਵ ਸਿੰਘ ਕੋਕਰੀ ਕਲਾਂ ਸ਼ਾਮਲ ਸਨ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸਬੰਧੀ ਚਿਰਕੋਣੇ ਮੁੱਦਿਆਂ ਨੂੰ ਹੱਲ ਕਰਨ ਲਈ ਤਿਆਰ ਕੀਤੀ ਵਿਆਪਕ ਪੰਜਾਬ ਖੇਤੀਬਾੜੀ ਨੀਤੀ ਦੀ ਸ਼ਲਾਘਾ ਕੀਤੀ। ਵਫ਼ਦ ਨੇ ਨੀਤੀ ਵਿੱਚ ਪ੍ਰਸਤਾਵਿਤ ਨਵੀਨਤਾਕਾਰੀ ਉਪਾਵਾਂ ਦੀ ਸ਼ਲਾਘਾ ਕੀਤੀ, ਜਿਸ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ, ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰਨਾ, ਕਿਸਾਨਾਂ ਲਈ ਕਰਜ਼ੇ ਦੇ ਯਕਮੁਸ਼ਤ ਨਿਪਟਾਰੇ ਦੀ ਪੇਸ਼ਕਸ਼, ਛੋਟੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ ਯੋਜਨਾ ਸ਼ੁਰੂ ਕਰਨਾ, ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਵਿਸ਼ੇਸ਼ ਕਰਜ਼ਾ ਮੁਆਫੀ ਸਮੇਤ ਹੋਰ ਪਹਿਲਕਦਮੀਆਂ ਸ਼ਾਮਲ ਹਨ।
ਖੇਤੀਬਾੜੀ ਮੰਤਰੀ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਖੇਤੀਬਾੜੀ ਨੀਤੀ ਸਬੰਧੀ ਉਨ੍ਹਾਂ ਵੱਲੋਂ ਦਿੱਤੇ ਸੁਝਾਵਾਂ 'ਤੇ ਗੌਰ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਨਾਲ ਸਲਾਹ-ਮਸ਼ਵਰੇ ਉਪਰੰਤ ਜਲਦ ਹੀ ਇਸ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਸਬੰਧਤ ਅਧਿਕਾਰੀਆਂ ਨੂੰ ਮਗਨਰੇਗਾ ਕਾਮਿਆਂ ਦੀ ਹਾਜ਼ਰੀ ਸਬੰਧੀ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਹਦਾਇਤ ਕਰਦਿਆਂ ਖੇਤੀਬਾੜੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸਹਿਕਾਰੀ ਬੈਂਕਾਂ ਦੇ ਕਰਜ਼ੇ ਮੋੜਨ ਤੋਂ ਅਸਮਰਥ ਕਿਸਾਨਾਂ ਲਈ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਦੀ ਰੂਪ ਰੇਖਾ ਨੂੰ ਅੰਤਿਮ ਰੂਪ ਦੇਣ ਲਈ ਵੀ ਕਿਹਾ।
ਇਸ ਮੀਟਿੰਗ ਵਿੱਚ ਸਕੱਤਰ ਵਿੱਤ ਦੀਪਰਵਾ ਲਾਕਰਾ, ਖੇਤੀਬਾੜੀ ਕਮਿਸ਼ਨਰ ਮਿਸ ਨੀਲਿਮਾ, ਪੰਜਾਬ ਰਾਜ ਕਿਸਾਨ ਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਏ.ਆਈ.ਜੀ. ਇੰਟੈਲੀਜੈਂਸ ਸੰਦੀਪ ਗਰਗ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।