ਆਮ ਆਦਮੀ ਪਾਰਟੀ ਦੀ ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਮੇਅਰ

ਆਮ ਆਦਮੀ ਪਾਰਟੀ ਦੀ ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਮੇਅਰ

ਲੁਧਿਆਣਾ/ਚੰਡੀਗੜ੍ਹ, 20 ਜਨਵਰੀ

ਲੰਬੇ ਇੰਤਜ਼ਾਰ ਤੋਂ ਬਾਅਦ ਆਖਿਰਕਾਰ ਲੁਧਿਆਣਾ ਸ਼ਹਿਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ।  ਆਮ ਆਦਮੀ ਪਾਰਟੀ (ਆਪ) ਦੀ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਲੁਧਿਆਣਾ ਦਾ ਮੇਅਰ ਚੁਣਿਆ ਗਿਆ ਹੈ।  ਰਾਕੇਸ਼ ਪਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਬਣਾਇਆ
 ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਲੁਧਿਆਣਾ ਨਗਰ ਨਿਗਮ ਪ੍ਰਸ਼ਾਸਨ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰੇਗਾ ਅਤੇ ਸ਼ਹਿਰ ਦੇ ਵਿਕਾਸ ਲਈ ਰਾਹ ਪੱਧਰਾ ਕਰੇਗਾ।

ਅਮਨ ਅਰੋੜਾ ਨੇ ਪਾਰਟੀ ਆਗੂਆਂ ਦੇ ਨਾਲ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਕੀਤੀ ਅਤੇ ਮੀਡੀਆ ਨੂੰ ਸੰਬੋਧਨ ਕੀਤਾ।  ਅਰੋੜਾ ਨੇ ਕਿਹਾ ਕਿ ਅੱਜ ਲੁਧਿਆਣਾ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਹੋਇਆ ਹੈ। ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਲੁਧਿਆਣਾ ਨੂੰ ਮਹਿਲਾ ਮੇਅਰ ਦਿੱਤੀ ਹੈ।  ਸਾਡੇ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਵੀ ਬਹੁਤ ਤਜਰਬੇਕਾਰ ਹਨ।  ਉਹ ਛੇਵੀਂ ਵਾਰ ਕੌਂਸਲਰ ਬਣੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ 35 ਤੋਂ ਵੱਧ ਥਾਵਾਂ ਦੇ ਮੇਅਰ ਅਤੇ ਪ੍ਰਧਾਨ ਬਣਾ ਚੱਕੀ ਹੈ। ਇਹ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਅਤੇ ਪੰਜਾਬ ਲਈ ਇੱਕ ਨਵੀਂ ਸ਼ੁਰੂਆਤ ਵੀ ਹੈ।

ਅਮਨ ਅਰੋੜਾ ਨੇ ਆਮ ਆਦਮੀ ਪਾਰਟੀ ਦੇ ਮਰਹੂਮ ਸਾਬਕਾ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਵੀ ਯਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਆਮ ਆਦਮੀ ਪਾਰਟੀ ਦਾ ਲੁਧਿਆਣਾ ਵਿੱਚ ਪੂਰਨ ਬਹੁਮਤ ਨਾਲ ਮੇਅਰ ਬਣੇ।  ਅੱਜ ਅਸੀਂ ਬਹੁਤ ਖੁਸ਼ ਹਾਂ ਕਿ ਉਨ੍ਹਾਂ ਦੀ ਇੱਛਾ ਪੂਰੀ ਹੋ ਗਈ ਹੈ।

ਅਰੋੜਾ ਨੇ ਨਿਗਮ ਚੋਣਾਂ ਵਿੱਚ ਤਨਦੇਹੀ ਅਤੇ ਲਗਨ ਨਾਲ ਚੋਣ ਮੁਹਿੰਮ ਚਲਾਉਣ ਲਈ ਪਾਰਟੀ ਵਰਕਰਾਂ, ਆਗੂਆਂ ਅਤੇ ਸਥਾਨਕ ਵਿਧਾਇਕਾਂ ਦੀ ਸ਼ਲਾਘਾ ਕੀਤੀ ਅਤੇ ਧੰਨਵਾਦ ਵੀ ਕੀਤਾ।  ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਸਦਕਾ ਅੱਜ ਸਾਡਾ ਲੁਧਿਆਣਾ ਵਿੱਚ ਮੇਅਰ ਬਣਾਉਣ ਦਾ ਸੁਪਨਾ ਪੂਰਾ ਹੋਇਆ ਹੈ।

ਅੱਗੇ ਦੀ ਰਣਨੀਤੀ ਬਾਰੇ ਅਰੋੜਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ ਅਤੇ ਸ਼ਹਿਰ ਨੂੰ ਸੁੰਦਰ ਅਤੇ ਸਾਫ਼ ਸੁਥਰਾ ਬਣਾਉਣ ਲਈ ਨਵੀਆਂ ਯੋਜਨਾਵਾਂ ਉਲੀਕੀਆਂ ਜਾਣਗੀਆਂ।  ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਪਹਿਲੀ ਤਰਜੀਹ ਹੈ। ਇਸ ਦੇ ਲਈ ਸਾਡੇ ਮੇਅਰ, ਡਿਪਟੀ ਮੇਅਰ ਅਤੇ ਸਾਰੇ ਕੌਂਸਲਰ ਦਿਨ ਰਾਤ ਮਿਹਨਤ ਕਰਨਗੇ।

ਇਸ ਤੋਂ ਪਹਿਲਾਂ, ਲੁਧਿਆਣਾ ਨਗਰ ਨਿਗਮ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਡਿਵੀਜ਼ਨਲ ਕਮਿਸ਼ਨਰ, ਪਟਿਆਲਾ ਦਲਜੀਤ ਸਿੰਘ ਮਾਂਗਟ ਨੇ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਦੌਰਾਨ ਨਗਰ ਨਿਗਮ ਦੇ ਜਨਰਲ ਹਾਊਸ ਦੇ ਮੈਂਬਰ ਹੋਣ ਦੇ ਨਾਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਰਜਿੰਦਰ ਪਾਲ ਕੌਰ ਛੀਨਾ, ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
 
ਬਾਅਦ ਵਿਚ ਨਵਨਿਯੁਕਤ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ ਸਮੇਤ ਸ਼ਹਿਰ ਦੇ ਵਿਧਾਇਕਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਜਗਰਾਉਂ ਪੁਲ ਨੇੜੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਅਤੇ ਦੁਰਗਾ ਮਾਤਾ ਮੰਦਿਰ ਵਿਖੇ ਮੱਥਾ ਟੇਕਿਆ। ਉਨ੍ਹਾਂ ਜਗਰਾਉਂ ਪੁਲ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਅਤੇ ਜਲੰਧਰ ਬਾਈਪਾਸ ਵਿਖੇ ਡਾ.ਬੀ.ਆਰ.ਅੰਬੇਦਕਰ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।

Tags:

Advertisement

Latest News

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੇ ਸੁਚੱਜੇ ਪਰਾਲੀ ਪ੍ਰਬੰਧਨ ਬਾਬਤ ਵਿਦਿਅਕ ਦੌਰਾ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੇ ਸੁਚੱਜੇ ਪਰਾਲੀ ਪ੍ਰਬੰਧਨ ਬਾਬਤ ਵਿਦਿਅਕ ਦੌਰਾ
ਹੁਸ਼ਿਆਰਪੁਰ, 20 ਜਨਵਰੀ : ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜ਼ਿਲ੍ਹਾ...
ਸਿਵਲ ਸਰਜਨ ਫਾਜਿਲਕਾ ਵੱਲੋਂ ਮਲਟੀਪਰਪਜ਼ ਹੈਲਥ ਵਰਕਰ ਅਤੇ ਆਸ਼ਾ ਵਰਕਰ ਨਾਲ ਟੀਕਾਕਰਣ ਸਬੰਧੀ ਕੀਤੀ ਗਈ ਮੀਟਿੰਗ
ਗਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ’ਚ ਹੁਸ਼ਿਆਰਪੁਰ ਬਣਿਆ ’ਬੈਸਟ ਗਰੀਨ ਡਿਸਟ੍ਰਿਕਟ’
ਸਰਕਾਰੀ ਦਫਤਰਾਂ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਮਿਲੇਗਾ ਪੂਰਾ ਮਾਣ ਸਨਮਾਨ- ਵਧੀਕ ਡਿਪਟੀ ਕਮਿਸ਼ਨਰ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ
ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਮੰਤਵ ਲਈ ਐਮ.ਡੀ.ਆਰ. ਦੀ ਸਮੀਖਿਆ ਮੀਟਿੰਗ
ਵਿਧਾਇਕ ਫਾਜ਼ਿਲਕਾ ਤੇ ਉਨ੍ਹਾਂ ਦੀ ਧਰਮਪਤਨੀ ਨੇ ਸਾਬੂਆਣਾ ਗਉਸ਼ਾਲਾ ਵਿਖੇ ਪਹੁੰਚ ਕੇ ਗੁੜ ਦੀ ਸੇਵਾ ਨਿਭਾਈ