ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ

ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ

* ਜ਼ਿਆਦਾਤਰ ਮੰਗਾਂ ਕੇਂਦਰ ਨਾਲ ਸਬੰਧਤ ; ਕੇਂਦਰ ਕੋਲ ਮਜ਼ਬੂਤੀ ਨਾਲ ਉਠਾਇਆ ਜਾਵੇਗਾ ਮੁੱਦਾ: ਭਗਵੰਤ ਸਿੰਘ ਮਾਨ 
* ⁠ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਲਈ ਕਾਨੂੰਨੀ ਕਾਰਵਾਈ ਕਰਨ ਤੋਂ ਨਹੀਂ ਝਿਜਕੇਗੀ ਸੂਬਾ ਸਰਕਾਰ
•ਖ਼ਰੀਦ ਕਾਰਜਾਂ ਦੀ ਨਿਗਰਾਨੀ ਲਈ ਮੁੱਖ ਮੰਤਰੀ ਖ਼ੁਦ ਕਰਨਗੇ ਅਨਾਜ ਮੰਡੀਆਂ ਦਾ ਦੌਰਾ
•ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਹਰ ਸੰਭਵ ਕਦਮ ਚੁੱਕੇਗੀ: ਮੁੱਖ ਮੰਤਰੀ ਮਾਨ


ਚੰਡੀਗੜ੍ਹ, 7 ਅਕਤੂਬਰ:- ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਵਿਚਾਰ-ਵਟਾਂਦਰੇ ਲਈ ਆੜ੍ਹਤੀਆਂ ਨੂੰ ਸੱਦਿਆ, ਜਿਸ ਦੌਰਾਨ ਆੜ੍ਹਤੀਆਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ। ਮੁੱਖ ਮੰਤਰੀ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਮੀਟਿੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ ਪਰ ਕੇਂਦਰ ਸਰਕਾਰ ਇਨ੍ਹਾਂ ਮੰਗਾਂ ਪ੍ਰਤੀ ਉਦਾਸੀਨ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆੜ੍ਹਤੀਆਂ ਦੀ ਆਵਾਜ਼ ਬਣੇਗੀ ਅਤੇ ਕੇਂਦਰ ਕੋਲ ਉਨ੍ਹਾਂ ਦੇ ਮਸਲੇ ਜ਼ੋਰਦਾਰ ਢੰਗ ਨਾਲ ਉਠਾਏ ਜਾਣਗੇ। ਉਨ੍ਹਾਂ ਕਿਹਾ ਕਿ ਆੜ੍ਹਤ ਵਧਾਉਣ ਦਾ ਮਸਲਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ ਕਿਉਂਕਿ ਇਸ ਨਾਲ ਆੜ੍ਹਤੀਆਂ ਨੂੰ 192 ਕਰੋੜ ਰੁਪਏ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਨਵਰੀ 2025 ਤੱਕ ਆੜ੍ਹਤੀਆਂ ਦੇ ਨੁਕਸਾਨ ਦੀ ਪੂਰਤੀ ਲਈ ਹਰੇਕ ਕੋਸ਼ਿਸ਼ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਕੋਈ ਸ਼ਰਾਰਤ ਕੀਤੀ ਤਾਂ ਆੜ੍ਹਤੀਆਂ ਦੇ ਹਿੱਤ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਇਸ ਮਾਮਲੇ ਉਤੇ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਨਹੀਂ ਝਿਜਕੇਗੀ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨਾਲ ਹਰੇਕ 50 ਦਿਨਾਂ ਬਾਅਦ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੇ ਮਸਲੇ ਹੱਲ ਹੋ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਕੋਲ ਲੰਬਿਤ ਪਏ ਆੜ੍ਹਤੀਆਂ ਦੇ ਈ.ਪੀ.ਐਫ. ਦੇ 50 ਕਰੋੜ ਰੁਪਏ ਦੀ ਅਦਾਇਗੀ ਦਾ ਮਸਲਾ ਵੀ ਭਾਰਤ ਸਰਕਾਰ ਕੋਲ ਉਠਾਉਣਗੇ।

ਮੁੱਖ ਮੰਤਰੀ ਨੇ ਸਮੁੱਚੀ ਖ਼ਰੀਦ ਪ੍ਰਕਿਰਿਆ ਵਿੱਚ ਆੜ੍ਹਤੀਆਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਪੂਰੀ ਪ੍ਰਕਿਰਿਆ ਵਿੱਚ ਆੜ੍ਹਤੀਆਂ ਦਾ ਅਹਿਮ ਰੋਲ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਏ ਕਿਸਾਨਾਂ ਦੇ ਬਿਨਾਂ ਤਨਖ਼ਾਹ ਤੋਂ ਰੱਖੇ ਚਾਰਟਰਡ ਅਕਾਊਂਟੈਂਟ (ਸੀ.ਏ.) ਹਨ, ਜਿਨ੍ਹਾਂ ਕੋਲ ਕਿਸਾਨਾਂ ਦੀ ਫ਼ਸਲ ਦੇ ਝਾੜ ਤੋਂ ਲੈ ਕੇ ਉਨ੍ਹਾਂ ਦੇ ਵਿੱਤੀ ਲੈਣ-ਦੇਣ ਦਾ ਸਾਰਾ ਲੇਖਾ-ਜੋਖਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਆਪਣੇ ਸੰਗਰੂਰ ਜ਼ਿਲ੍ਹੇ ਦੇ ਆੜ੍ਹਤੀਆਂ ਨਾਲ ਨਿੱਜੀ ਤਜਰਬੇ ਵੀ ਸਾਂਝੇ ਕੀਤੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਲਈ ਉਹ ਖ਼ੁਦ ਮੰਡੀਆਂ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਇਸ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ 185 ਲੱਖ ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸਮੇਂ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ ਅਤੇ ਪੰਜਾਬ ਵੱਲੋਂ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਰ.ਬੀ.ਆਈ. ਦੁਆਰਾ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ (ਸੀ.ਸੀ.ਐਲ.) ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਸੀਜ਼ਨ 'ਏ' ਗ੍ਰੇਡ ਦੇ ਝੋਨੇ ਲਈ ਘੱਟੋ-ਘੱਟ ਸਮਰਥਨ ਮੁੱਲ 2320 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਖ਼ਰੀਦ ਏਜੰਸੀਆਂ ਜਿਵੇਂ ਕਿ ਪਨਗ੍ਰੇਨ, ਮਾਰਕਫੈੱਡ, ਪਨਸਪ, ਵੇਅਰ ਹਾਊਸਿੰਗ ਕਾਰਪੋਰੇਸ਼ਨ, ਕੇਂਦਰੀ ਖਰੀਦ ਏਜੰਸੀ ਐੱਫ.ਸੀ.ਆਈ. ਨਾਲ ਮਿਲ ਕੇ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਖ਼ਰੀਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਲਈ ਸਮੁੱਚੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਸਮੇਂ ਸਿਰ ਚੁਕਾਈ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦਿਆਂ ਸਾਰ ਹੀ ਖ਼ਰੀਦਣ ਵਾਸਤੇ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕਰ ਲਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ 'ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਇਕ ਵਿਹਾਰਕ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀ ਵਿੱਚ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Advertisement

Latest News

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਅਤੇ ਆਰਟ ਆਫ ਲਿਵਿੰਗ ਸੰਸਥਾ ਵੱਲੋਂ ਸਬ ਜੇਲ੍ਹ ਫਾਜ਼ਿਲਕਾ ਵਿਖੇ ਵਿਸ਼ਵ ਧਿਆਨ ਦਿਵਸ ਦੇ ਰੂਪ ਵਿੱਚ ਮੇਡਿਟੇਸ਼ਨ ਕੈਂਪ ਲਗਾਇਆ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਅਤੇ ਆਰਟ ਆਫ ਲਿਵਿੰਗ ਸੰਸਥਾ ਵੱਲੋਂ ਸਬ ਜੇਲ੍ਹ ਫਾਜ਼ਿਲਕਾ ਵਿਖੇ ਵਿਸ਼ਵ ਧਿਆਨ ਦਿਵਸ ਦੇ ਰੂਪ ਵਿੱਚ ਮੇਡਿਟੇਸ਼ਨ ਕੈਂਪ ਲਗਾਇਆ
ਫਾਜ਼ਿਲਕਾ 21 ਦਸੰਬਰ  ਸ਼੍ਰੀ ਮਨਜਿੰਦਰ ਸਿੰਘ, ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਅਤੇ ਸ਼੍ਰੀ ਅਵਤਾਰ ਸਿੰਘ, ਮਾਣਯੋਗ...
ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਰਖਿਆ ਨੀਹ ਪੱਥਰ
ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ
ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ
Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ