ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਕਾਬੂ
---copy.jpg)
ਚੰਡੀਗੜ੍ਹ, 23 ਅਪ੍ਰੈਲ, 2025:
ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੀ ਸਬ-ਡਵੀਜ਼ਨ ਰੂਮੀ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਜਸਮੇਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੀ.ਐਸ.ਪੀ.ਸੀ.ਐਲ. ਮੁਲਾਜ਼ਮ ਨੂੰ ਪਿੰਡ ਦੇਹੜਕਾ, ਸਬ-ਡਵੀਜ਼ਨ ਜਗਰਾਉਂ ਦੇ ਇੱਕ ਸ਼ਿਕਾਇਤਕਰਤਾ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਜੇਈ ਨੇ ਉਸਦੇ ਡੇਅਰੀ ਫਾਰਮ ਨੂੰ ਬਿਜਲੀ ਕੁਨੈਕਸ਼ਨ ਦੇਣ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਦੀ ਇੱਕ ਟੀਮ ਨੇ ਯੋਜਨਾਬੱਧ ਢੰਗ ਨਾਲ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 30,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਉੱਡਣ ਦਸਤਾ -1, ਥਾਣਾ ਪੰਜਾਬ, ਮੋਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
Related Posts
Latest News
