ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਰਾਮੇਆਣਾ ਵਿਚ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ
ਫਰੀਦਕੋਟ 10 ਜਨਵਰੀ 2025 ( ) ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦੀ ਚੋਣ ਖੇਤਾਂ ਵਿਚ ਮੌਜੂਦ ਨਦੀਨਾਂ ਦੇ ਅਨੁਸਾਰ ਹੀ ਕੀਤੀ ਜਾਣੀ ਚਾਹੀਦੀ ਹੈ । ਇਹ ਵਿਚਾਰ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵੱਲੋਂ ਬਲਾਕ ਕੋਟਕਪੂਰਾ ਦੇ ਪਿੰਡ ਰਾਮੇਆਣਾ ਵਿਚ ਲਗਾਏ ਗਏ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਨਦੀਨ ਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਹੇ। ਇਸ ਮੌਕੇ ਡਾਕਟਰ ਗੁਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ ,ਲਵਲੀਨ ਕੌਰ ,ਬੂਟਾ ਅਰਮਾਨ ਖੇਤੀ ਉਪ ਨਿਰੀਖਕ ਅਤੇ ਹੋਰ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਨਦੀਨਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਡਾ.
ਅਮਰੀਕ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ ਆਪਣੇ ਤੌਰ ਤੇ ਜਾਂ ਆਢੀ ਗੁਆਂਢੀ ਕਿਸਾਨਾਂ ਜਾਂ ਦੁਕਾਨਦਾਰਾਂ ਦੇ ਕਹੇ ਤੇ ਨਦੀਨਾਂ ਦੀ ਰੋਕਥਾਮ ਲਈ ਦੋ ਜਾਂ ਦੋਂ ਤੋਂ ਵੱਧ ਨਦੀਨਨਾਸ਼ਕਾਂ ਦਾ ਮਿਸ਼ਰਣ ਬਣਾ ਕੇ ਛਿੜਕਾਅ ਕੀਤਾ ਜਾਂਦਾ ਹੈ ਜਿਸ ਨਾਲ ਕਣਕ ਦੀ ਫਸਲ ਵੀ ਪ੍ਰਭਾਵਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਵਿੱਚ ਨਦੀਨਾਂ ਦੀ ਰੋਕਥਾਮ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ਾਂ ਦੇ ਉਲਟ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਨਾਲ ਆਉਣ ਵਾਲੇ ਸਮੇਂ ਵਿੱਚ ਨਦੀਨਾਂ ਵਿੱਚ ਰੋਧਕ ਸ਼ਕਤੀ ਵਧਣ ਦੀਆਂ ਸੰਭਾਵਨਾਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਘਾਹ ਵਾਲੇ ਨਦੀਨਾਂ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਲਈ ਵਰਤੀਆਂ ਜਾ ਰਹੀਆ ਨਦੀਨਨਾਸ਼ਕਾਂ ਤੋਂ ਇਲਾਵਾ ਕਲੋਡੀਨਿੋਫਾਪ ਜਾਂ ਹੋਰ ਕਿਸੇ ਨਦੀਨ ਨਾਸ਼ਕ ਵਿੱਚ ਮੈਟਰੀਬਿਊਜ਼ਨ ਨਦੀਨਨਾਸ਼ਕ ਦੀ ਵਰਤੋਂ ਕੀਤੀ ਜਾ ਰਹੀ ਹੈ,ਜੋ ਗੈਰਸਿਫਾਰਸ਼ਸ਼ੁਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੈਟਰੀਬਿਉਜ਼ਨ ਨਦੀਨਨਾਸ਼ਕ ਨੂੰ ਘਾਹ ਵਾਲੇ ਨਦੀਨਾਂ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਲਈ ਵਰਤੀਆਂ ਜਾਂਦੀਆਂ ਨਦੀਨਨਾਸ਼ਕਾਂ ਨਾਲ ਘੋਲ ਕੇ ਛਿੜਕਾਅ ਨਾ ਕਰਨ। ਉਨ੍ਹਾਂ ਕਿਹਾ ਕਿ ਅਪਣੇ ਤੌਰ ਤੇ ਮਿਸ਼ਰਣ ਬਨਾਉਣ ਦੀ ਬਿਜਾਏ ਬਾਜ਼ਾਰ ਵਿੱਚ ਉਪਲਬਧ ਮਿਸ਼ਰਤ ਨਦੀਨਨਾਸ਼ਕਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਨਦੀਨਾਂ ਵਿੱਚ ਕਿਸੇ ਨਦੀਨਨਾਸ਼ਕ ਪ੍ਰਤੀ ਰੋਧਣ ਸ਼ਕਤੀ ਪੈਦਾ ਹੋਣ ਤੋਂ ਰੋਕਣ ਲਈ ਨਦੀਨਾਸ਼ਕਾਂ ਦੀ ਹਰੇਕ ਸਾਲ ਅਦਲ ਬਦਲ ਕੇ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਛਿੜਕਾਅ ਸਾਫ ਮੌਸਮ ਵਿੱਚ ਅਤੇ ਇਕਸਾਰ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਛਿੜਕਾਅ ਕਰਨ ਸਮੇਂ ਨੋਜ਼ਲ ਦੀ ਉਚਾਈ ਫਸਲ ਤੋਂ ਤਕਰੀਬਨ 1.5 (ਡੇਢ ਫੁੱਟ) ਦੀ ਉਚਾਈ ਤੇ ਰੱਖੋ ਅਤੇ ਨੋਜ਼ਲ ਦਾ ਕੱਟ ਜ਼ਮੀਨ ਵੱਲ ਨੂੰ ਕਰਕੇ ਛਿੜਕਾਅ ਸਿੱਧੀਆਂ ਪੱਟੀਆਂ ਵਿੱਚ ਆਰਾਮ ਨਾਲ ਇਕਸਾਰ ਕਰਨਾ ਚਾਹੀਦਾ ਹੈ।
ਬਲਾਕ ਖੇਤੀਬਾੜੀ ਅਫ਼ਸਰ ਡਾਕਟਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਭਾਰੀ ਪਾਣੀ ਲੱਗਣ ਕਰਨ ਕਣਕ ਦੀ ਫ਼ਸਲ ਦੇ ਹੇਠਲੇ ਪੱਤੇ ਪੀਲੇ ਹੋ ਗਏ ਹਨ ਤਾਂ 3 ਕਿਲੋ ਯੂਰੀਆ ਨੁੰ 100 ਲਿਟਰ ਪਾਣੀ ਦੇ ਘੋਲ ਵਿਚ ਛਿੜਕਾਅ ਕਰਨਾ ਚਾਹੀਦਾ। ਉਨ੍ਹਾਂ ਨਦੀਨਨਾਸ਼ਕ ਦਾ ਛਿੜਕਾਅ ਕਰਦੇ ਸਮੇਂ ਨੋਜ਼ਲ ਨੂੰ ਇਧਰ ਉਧਰ ਨਾਂ ਘੁਮਾਉ । ਉਨ੍ਹਾਂ ਕਿਹਾ ਕਿ ਜੇਕਰ ਖੇਤ ਵਿੱਚ ਸਲਫੋਸਲਫੂਰਾਨ ਨਾਮਕ ਨਦੀਨ ਨਾਸ਼ਕ ਦੀ ਵਰਤੋਂ ਕੀਤੀ ਹੋਵੇ ਤਾਂ ਸਾਉਣੀ ਸਮੇਂ ਉਨਾਂ ਖੇਤਾਂ ਵਿੱਚ ਚਰ੍ਹੀ ਜਾਂ ਮੱਕੀ ਦੀ ਕਾਸ਼ਤ ਨਾਂ ਕਰੋ। ਉਨ੍ਹਾਂ ਕਿਹਾ ਕਿ ਨਦੀਨਨਾਸ਼ਕਾਂ ਦੇ ਛਿੜਕਾਅ ਤੋਂ ਬਾਅਦ ਸਪਰੇਅ ਪੰਪ ਨੂੰ ਪਾਣੀ ਨਾਲ ਧੋ ਕੇ ਅਤੇ ਫਿਰ ਕੱਪੜੇ ਧੋਣ ਵਾਲੇ ਸੋਢੇ ਦੇ 0.5 ਫੀਸਦੀ ਘੋਲ ਨਾਲ ਚੰਗੀ ਤਰਾਂ ਧੋ ਲੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਔਕਾਰਡਪਲੱਸ ਨਦੀਨਨਾਸ਼ਕ ਨੂੰ ਕਣਕ ਦੀ ਕਿਸਮ ਪੀ ਬੀ ਡਬਲਿਯੂ ਆਰ ਐਸ 1 ਅਤੇ ਉੱਨਤ ਪੀ ਬੀ ਡਬਲਿਯੂ 550 ਉੱਪਰ ਨਹੀਂ ਵਰਤਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਜਿੰਨਾਂ ਖੇਤਾਂ ਵਿੱਚ ਗੁੱਲੀ ਡੰਡਾ ਨਾਮਕ ਨਦੀਨ ਪ੍ਰਚਲਿਤ ਨਦੀਨਨਾਸ਼ਕਾਂ ਨਾਲ ਨਾਂ ਮਰਦਾ ਹੋਵੇ ਉਥੇ ਸ਼ਗਨ 21-11 ਜਾਂ ਏ ਸੀ ਐਮ 9 ਨਦੀਨਨਾਸ਼ਕ ਦੀ ਵਰਤੋਂ ਕਰਨੀ ਚਾਹੀਦੀ ਹੈ ਪ੍ਰੰਤੂ ਇਨਾਂ ਨਦੀਨਨਾਸ਼ਕਾਂ ਦੀ ਵਰਤੋਂ ਹਲਕੀਆਂ ਜ਼ਮੀਨਾਂ ਵਿੱਚ ਨਹੀਂ ਕਰਨੀ ਚਾਹੀਦੀ।