ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ:
ਪੰਜਾਬ ਦੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿਖੇ ਸਥਿਤ ਆਪਣੇ ਦਫ਼ਤਰ ਵਿਖੇ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਅਧੀਨ ਆਉਂਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 2 ਕਰੋੜ 5 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਪ੍ਰਵਾਨਗੀ ਪੱਤਰ ਅਤੇ ਚੈਕ ਪ੍ਰਦਾਨ ਕੀਤੇ।
ਇਸ ਮੌਕੇ ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵੀਆਂ ਬਣੀਆਂ ਗ੍ਰਾਮ ਪੰਚਾਇਤਾਂ ਦੇ ਸਮੂਹ ਸਰਪੰਚਾਂ ਅਤੇ ਪੰਚਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਪਿੰਡਾਂ ਦੇ ਵਸਨੀਕਾਂ ਦੇ ਕੰਮ ਬਿਨਾਂ ਪੱਖਪਾਤ ਅਤੇ ਪਾਰਦਰਸ਼ੀ ਢੰਗ ਨਾਲ ਕੀਤੇ ਜਾਣ ਅਤੇ ਪਿੰਡਾਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣ ਵਿੱਚ ਕੋਈ ਢਿੱਲਮੱਠ ਨਾ ਵਰਤੀ ਜਾਵੇ। ਉਹਨਾਂ ਕਿਹਾ ਕਿ ਹਰੇਕ ਗ੍ਰਾਮ ਪੰਚਾਇਤ ਦੀ ਇੱਕੋ ਤਰਜੀਹ ਹੋਣੀ ਚਾਹੀਦੀ ਹੈ ਕਿ ਵਿਕਾਸ ਪੱਖੋਂ ਕਿਸੇ ਕਿਸਮ ਦੀ ਕਮੀ ਬਾਕੀ ਨਾ ਰਹੇ।
ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਹਲਕਾ ਸੁਨਾਮ ਦੇ ਹਰ ਪਿੰਡ ਅਤੇ ਸ਼ਹਿਰੀ ਹਿੱਸੇ ਵਿੱਚ ਵੱਸਦੇ ਨਾਗਰਿਕਾਂ ਨੂੰ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣ ਲਈ ਉਹ ਪਹਿਲੇ ਦਿਨ ਤੋਂ ਹੀ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਇਸੇ ਤਹਿਤ ਪਿੰਡਾਂ ਅਤੇ ਸ਼ਹਿਰਾਂ ਨੂੰ ਲੋੜ ਮੁਤਾਬਕ ਵਿਕਾਸ ਕਾਰਜਾਂ ਲਈ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦੇ ਦਾ ਸਭ ਤੋਂ ਮੁੱਢਲਾ ਫਰਜ਼ ਬਣਦਾ ਹੈ ਕਿ ਉਹ ਲੋਕਾਂ ਦੀ ਆਵਾਜ਼ ਬਣੇ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਮਸਲਿਆਂ ਦਾ ਤਰਜੀਹੀ ਆਧਾਰ ‘ਤੇ ਹੱਲ ਕਰਨਾ ਯਕੀਨੀ ਬਣਾਏ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ, ਮੁੱਖ ਮੰਤਰੀ ਤੋਂ ਲੈ ਕੇ ਪਿੰਡ ਦੇ ਪੰਚ ਤੱਕ, ਹਰ ਪੱਧਰ ਦਾ ਨੁਮਾਇੰਦਾ ਲੋਕਾਂ ਨੂੰ ਪੂਰੀ ਤਰ੍ਹਾਂ ਜਵਾਬਦੇਹ ਹੈ ਅਤੇ ਬਿਨਾ ਕਿਸੇ ਵਿਤਕਰੇ ਤੋਂ ਪਾਰਦਰਸ਼ੀ ਢੰਗ ਨਾਲ ਲੋਕਾਂ ਦੇ ਕੰਮ ਕਰਵਾਉਣੇ ਯਕੀਨੀ ਬਣਾਏ ਜਾ ਰਹੇ ਹਨ।
ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸੇ ਕਵਾਇਦ ਤਹਿਤ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਲਗਾਤਾਰ ਅਨੇਕਾਂ ਵਿਕਾਸ ਪ੍ਰੋਜੈਕਟ ਪ੍ਰਗਤੀ ਅਧੀਨ ਹਨ। ਉਹਨਾਂ ਕਿਹਾ ਕਿ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਇੱਕ ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਲੋਕਾਂ ਨੂੰ ਦਰਪੇਸ਼ ਹਰ ਸਮੱਸਿਆ ਦੇ ਮੁਕੰਮਲ ਅਤੇ ਸਥਾਈ ਹੱਲ ਲਈ ਉਹ ਖੁਦ ਦਿਨ ਰਾਤ ਤਨਦੇਹੀ ਨਾਲ ਕੰਮ ਕਰ ਰਹੇ ਹਨ।
ਸ਼੍ਰੀ ਅਰੋੜਾ ਨੇ ਲੋਕਾਂ ਦੀ ਕਚਿਹਰੀ ਵਿੱਚੋਂ ਚੁਣ ਕੇ ਆਏ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਆਪੋ-ਆਪਣੇ ਇਲਾਕੇ ਵਿੱਚ ਪੂਰੀ ਜਵਾਬਦੇਹੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਤਾਂ ਜੋ ਲੋਕਾਂ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਦਿੱਤਾ ਗਿਆ ਫ਼ਤਵਾ ਸਹੀ ਸਾਬਤ ਕੀਤਾ ਜਾ ਸਕੇ।
ਇਸ ਮੌਕੇ ਸ਼੍ਰੀ ਅਮਨ ਅਰੋੜਾ ਨੇ ਪਿੰਡ ਬਡਰੁੱਖਾਂ, ਈਲਵਾਲ, ਸਾਹੋਕੇ, ਪੱਤੀ ਭਰੀਆਂ, ਉਪਲੀ, ਗੋਬਿੰਦ ਨਗਰ, ਸ਼ਹੀਦ ਉਦੈ ਭਾਨ ਸਿੰਘ ਨਗਰ, ਤੋਗਾਵਾਲ, ਬਹਾਦਰਪੁਰ, ਭੱਮਾਬੱਧੀ, ਕੁਲਾਰ ਖੁਰਦ, ਢੱਡਰੀਆਂ, ਕੁਨਰਾਂ, ਦਿਆਲਗੜ੍ਹ, ਲਿੱਦੜਾਂ, ਰਾਮ ਨਗਰ ਸਿਬੀਆ, ਸੋਹੀਆਂ, ਖੁਰਾਣੀ, ਚੌਵਾਸ, ਬੀਰ ਕਲਾਂ, ਸ਼ੇਰੋਂ, ਨਮੋਲ, ਝਾੜੋਂ, ਸ਼ਾਹਪੁਰ ਕਲਾਂ, ਕੋਟੜਾ ਅਮਰੂ ਅਤੇ ਬਿਗੜਵਾਲ ਦੀਆਂ ਗ੍ਰਾਮ ਪੰਚਾਇਤਾਂ ਨੂੰ ਗਰਾਂਟਾਂ ਵੰਡੀਆਂ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਮੁਕੇਸ਼ ਜੁਨੇਜਾ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸੁਨਾਮ ਸੰਜੀਵ ਕੁਮਾਰ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸੰਗਰੂਰ ਗੁਰਦਰਸ਼ਨ ਸਿੰਘ, ਬਲਾਕ ਪ੍ਰਧਾਨ ਸਾਹਿਬ ਸਿੰਘ, ਸੁੱਖ ਸਾਹੋਕੇ, ਕੁਲਦੀਪ ਸ਼ੇਰੋਂ, ਕਾਲਾ ਬਡਰੁੱਖਾਂ, ਅਮਨਦੀਪ ਲਖਵੀਰਵਾਲਾ, ਦੀਪ ਕਨੋਈ, ਬਲਜਿੰਦਰ ਈਲਵਾਲ ਅਤੇ ਜਗਬੀਰ ਅਕਬਰਪੁਰ ਵੀ ਹਾਜ਼ਰ ਸਨ।