ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬੈਂਕਿੰਗ ਸੰਸਥਾਵਾਂ ਨੂੰ ਸਮਾਜਿਕ-ਆਰਥਿਕ ਵਿਕਾਸ ਲਈ ਵੱਧ ਤੋਂ ਵੱਧ ਵਿੱਤੀ ਸਹਾਇਤਾ ਪ੍ਰਦਾਨ ਕਰਨ ਦਾ ਸੱਦਾ

ਜਲੰਧਰ, 26 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਬੈਂਕਿੰਗ ਸੰਸਥਾਵਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਕਮਜ਼ੋਰ ਵਰਗਾਂ ਨੂੰ ਵੱਧ ਤੋਂ ਵੱਧ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ ਤਾਂ ਜੋ ਸਮਾਜਿਕ-ਆਰਥਿਕ ਵਿਕਾਸ ਦੇ ਮਿਸ਼ਨ ਨੂੰ ਸਹੀ ਮਾਇਨੇ ਵਿੱਚ ਹਾਸਲ ਕੀਤਾ ਜਾ ਸਕੇ।
ਯੂਕੋ ਬੈਂਕ ਦੇ ਨੌਜਵਾਨ ਅਤੇ ਮਹਿਲਾ ਕਰਮਚਾਰੀਆਂ ਦੇ ਤੀਜੇ ਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਗਰੀਬ ਲੋਕਾਂ ਨੂੰ ਵੱਧ ਤੋਂ ਵੱਧ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਦੇਸ਼ ਵਿੱਚ ਸਮਾਜਿਕ-ਆਰਥਿਕ ਵਿਕਾਸ ਦੇ ਮੋਹਰੀ ਬਣਨ ਦਾ ਸੱਦਾ ਦਿੱਤਾ। ਉਨ੍ਹਾਂ ਗਰੀਬੀ ਨੂੰ ਦੂਰ ਕਰਨ ਵਿੱਚ ਵਿੱਤੀ ਸੰਸਥਾਵਾਂ ਦੀ ਭੂਮਿਕਾ 'ਤੇ ਚਾਨਣਾ ਪਾਇਆ, ਜੋ ਕਿ ਬਹੁਤ ਸਾਰੀਆਂ ਵਿੱਤੀ ਯੋਜਨਾਵਾਂ ਰਾਹੀਂ ਕਮਜ਼ੋਰ ਵਰਗਾਂ ਦੀ ਮਜ਼ਬੂਤੀ ਲਈ ਕੰਮ ਕਰ ਸਕਦੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਨਵੇਂ ਕਾਰੋਬਾਰ ਸ਼ੁਰੂ ਕਰਨ ਲਈ ਵੱਧ ਤੋਂ ਵੱਧ ਕਰਜ਼ੇ ਦਿੱਤੇ ਜਾਣ ਤਾਂ ਜੋ ਦੇਸ਼ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਦੀ ਸਹਾਇਤਾ ਕਰਕੇ ਵਿੱਤੀ ਸਮਾਵੇਸ਼ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਜ਼ਿੰਮੇਵਾਰੀ ਬੈਂਕਿੰਗ ਕਰਮਚਾਰੀਆਂ ਦੇ ਮੋਢਿਆਂ 'ਤੇ ਹੈ।
ਕੈਬਨਿਟ ਮੰਤਰੀ ਨੇ ਬੈਂਕਿੰਗ ਸੰਸਥਾਵਾਂ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਤਹਿਤ ਸਮਾਜ ਦੇ ਗਰੀਬ ਅਤੇ ਲੋੜਵੰਦ ਵਰਗਾਂ ਦੀ ਭਲਾਈ 'ਤੇ ਵਿਸ਼ੇਸ਼ ਜ਼ੋਰ ਦੇਣ ਲਈ ਕਿਹਾ ਕਿਉਂਕਿ ਉਹ ਅਜਿਹੀਆਂ ਯੋਜਨਾਵਾਂ ਅਤੇ ਕਰਜ਼ਿਆਂ ਰਾਹੀਂ ਲੋੜਵੰਦ ਲੋਕਾਂ ਦੀ ਮਦਦ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਸਪਾਂਸਰ ਇਨ੍ਹਾਂ ਯੋਜਨਾਵਾਂ/ਕਰਜ਼ਿਆਂ ਦਾ ਮੁੱਖ ਉਦੇਸ਼ ਸਮਾਜ ਦੇ ਲੋੜਵੰਦ ਵਰਗਾਂ ਨੂੰ ਸਨਮਾਨ ਅਤੇ ਮਾਣ ਨਾਲ ਜ਼ਿੰਦਗੀ ਜਿਊਣ ਦਾ ਮੌਕਾ ਦੇਣਾ ਹੈ।
ਇਸ ਤੋਂ ਪਹਿਲਾਂ ਆਰਗੇਨਾਈਜ਼ੇਸ਼ਨ ਦੇ ਚੇਅਰਮੈਨ ਕੇ. ਵਿਜਯਨ, ਪ੍ਰਧਾਨ ਰਾਮ ਅਵਤਾਰ ਸ਼ਰਮਾ, ਜਨਰਲ ਸਕੱਤਰ ਪਾਰਥ ਚੰਦ ਨੇ ਕੈਬਨਿਟ ਮੰਤਰੀ ਦਾ ਸਮਾਗਮ ਵਿੱਚ ਪਹੁੰਚਣ 'ਤੇ ਸਵਾਗਤ ਕੀਤਾ। ਉਨ੍ਹਾਂ ਵੱਲੋਂ ਕੈਬਨਿਟ ਮੰਤਰੀ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
Related Posts
Latest News
