ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਭੀਖ ਮੰਗ ਰਹੇ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੀਤੀ ਕਾਊਸਲਿੰਗ
ਬਠਿੰਡਾ, 20 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਭੀਖ ਮੰਗਣ ਵਾਲੇ ਬੱਚਿਆਂ ਦੀ ਵੱਧ ਰਹੀ ਤਾਦਾਤ ਨੂੰ ਰੋਕਣ ਲਈ ‘ਪ੍ਰੋਜੈਕਟ ਜੀਵਨਜੋਤੀ ਸੇਵ ਦਿ ਚਾਇਲਡ’ ਮੁਹਿੰਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਕਰਮਚਾਰੀਆਂ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਭੀਖ ਮੰਗ ਰਹੇ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਕਾਊਸਲਿੰਗ ਕੀਤੀ ਗਈ।
ਇਸ ਮੌਕੇ ਕਰਮਚਾਰੀਆਂ ਵਲੋਂ ਪਰਿਵਾਰਾਂ ਨੂੰ ਸਮਝਾਇਆ ਗਿਆ ਕਿ ਬੱਚਿਆਂ ਦੁਆਰਾ ਭੀਖ ਮੰਗਵਾਉਣਾ ਗੈਰ ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਹਰ ਰੋਜ ਸਕੂਲ ਭੇਜਿਆ ਜਾਵੇ ਤਾਂ ਜੋ ਪੜ-ਲਿਖ ਕੇ ਯੋਗ ਇਨਸਾਨ ਬਣ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਪਰਿਵਾਰਾਂ ਦੀ ਆਰਥਿਕ ਹਾਲਤ ਕਮਜੋਰ ਹੋਣ ਕਾਰਨ ਉਹ ਬੱਚਿਆਂ ਨੂੰ ਪੜ੍ਹਾ-ਲਿਖਾ ਨਹੀਂ ਸਕਦੇ ਤਾਂ ਉਨ੍ਹਾਂ ਪਰਿਵਾਰਾਂ ਨੂੰ ਬੱਚਿਆਂ ਦੀ ਪੜਾਈ-ਲਿਖਾਈ ਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਸਰਕਾਰ ਵੱਲੋ ਚਲਾਈ ਜਾ ਰਹੀ ਸਪੋਸਰਸਿਪ ਤੇ ਫੋਸਟਰ ਕੇਅਰ ਸਕੀਮ ਦਾ ਲਾਭ ਦਿੱਤਾ ਜਾ ਸਕਦਾ ਹੈ।
ਉਨ੍ਹਾਂ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਭੀਖ ਮੰਗ ਰਹੇ ਬੱਚਿਆਂ ਨੂੰ ਰੁਪਏ ਜਾਂ ਹੋਰ ਵਸਤਾਂ ਦੇ ਕੇ ਭੀਖ ਮੰਗਣ ਲਈ ਉਤਸ਼ਾਹਿਤ ਨਾ ਕੀਤਾ ਜਾਵੇ ਸਗੋਂ ਉਨ੍ਹਾਂ ਨੂੰ ਭੀਖ ਮੰਗਣ ਤੋਂ ਰੋਕ ਕੇ ਪੜਾਈ-ਲਿਖਾਈ ਅਤੇ ਚੰਗਾ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਸਖਤ ਤਾੜਨਾਂ ਕਰਦਿਆਂ ਕਿਹਾ ਕਿ ਜੇਕਰ ਦੁਬਾਰਾ ਤੋਂ ਉਹ ਆਪਣੇ ਬੱਚਿਆਂ ਤੋ ਭੀਖ ਮੰਗਵਾਉਣਗੇ ਤਾਂ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।