ਡਿਪਟੀ ਸਪੀਕਰ ਨੇ ਸਰਕਾਰੀ ਸਕੂਲਾਂ ‘ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
By Azad Soch
On

ਗੜ੍ਹਸ਼ੰਕਰ/ਹੁਸ਼ਿਆਰਪੁਰ, 23 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਆਈ ਵਾਲੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਹਰ ਤਰ੍ਹਾਂ ਦੀ ਮੁੱਢਲੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਹੁਣ ਬੱਚਿਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਕਲਾਸਰੂਮ ਬਣਾਏ ਜਾ ਰਹੇ ਹਨ।
ਇਹ ਵਿਚਾਰ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੇ ਪੰਜ ਸਰਕਾਰੀ ਸਕੂਲਾਂ ਵਿੱਚ 51.64 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦੇ ਉਦਘਾਟਨ ਦੌਰਾਨ ਪ੍ਰਗਟ ਕੀਤੇ। ਇਸ ਦੌਰਾਨ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਰੌਤਾਂ ਦੀ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਸਦਰਪੁਰ ਵਿਚ ਕਲਾਸਰੂਮ, ਸਰਕਾਰੀ ਪ੍ਰਾਇਮਰੀ ਸਕੂਲ ਟੱਬਾ ਦੀ ਚਾਰਦੀਵਾਰੀ, ਕਲਾਸਰੂਮ ਅਤੇ ਹੋਰ ਵਿਕਾਸ ਕਾਰਜ, ਸਰਕਾਰੀ ਪ੍ਰਾਇਮਰੀ ਸਕੂਲ ਨੈਣਵਾਂ ਦੀ ਚਾਰਦੀਵਾਰੀ ਅਤੇ ਹੋਰ ਵਿਕਾਸ ਕਾਰਜਾਂ ਦੇ ਨਾਲ-ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਵਾਨੀਪੁਰ ਵਿਚ ਸਾਇੰਸ ਲੈਬ ਅਤੇ ਕਲਾਸਰੂਮ ਦਾ ਉਦਘਾਟਨ ਕੀਤਾ।
ਡਿਪਟੀ ਸਪੀਕਰ ਨੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਕਾਫ਼ੀ ਘੱਟ ਗਈ ਸੀ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਵੱਲੋਂ ਸਕੂਲਾਂ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਨੂੰ ਦੇਖਦਿਆਂ ਵੱਡੀ ਗਿਣਤੀ ਵਿੱਚ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।
ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਜਿੱਥੇ ਪੰਜਾਬ ਦੇ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਦਿਨੋ-ਦਿਨ ਵਿਸ਼ਵਾਸ ਵਧ ਰਿਹਾ ਹੈ, ਉੱਥੇ ਹੀ ਸੂਬਾ ਸਰਕਾਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਸਿੱਖਿਆ ਸ਼ੈਲੀ ਨੂੰ ਬਿਹਤਰ ਬਣਾਉਣ ਲਈ ਵਿਲੱਖਣ ਪਹਿਲਕਦਮੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
Tags:
Related Posts
Latest News

03 May 2025 15:21:00
ਪੰਜਾਬ ਦੇ ਪਾਣੀ ਅਤੇ ਜਵਾਨੀ ਨੂੰ ਬਚਾਉਣ ਲਈ ਪੂਰਾ ਸੰਘਰਸ਼ ਕਰਾਂਗੇ: ਹਰਜੋਤ ਸਿੰਘ ਬੈਂਸ
ਨਸ਼ਿਆਂ ਵਿਰੁੱਧ ਜੰਗ ਵਿੱਚ ਹਰ ਪੰਜਾਬੀ...