ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ
ਫ਼ਤਹਿਗੜ੍ਹ ਸਾਹਿਬ, 20 ਜਨਵਰੀ:
26 ਜਨਵਰੀ ਨੂੰ 76ਵੇਂ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰੀਹਰਸਲ 24 ਜਨਵਰੀ ਨੂੰ ਹੋਵੇਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪਰੇਡ ਦਾ ਨਰੀਖਣ ਕਰਨਗੇ ਤੇ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਤੇ ਐਨ.ਸੀ.ਸੀ. ਕੈਡਿਟਾਂ ਕੀਤੀ ਜਾਣ ਵਾਲੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਸਮਾਗਮ ਦੌਰਾਨ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ ਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਜਾਵੇਗਾ। ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਇਕਲ ਦਿੱਤੇ ਜਾਣਗੇ।
ਏ.ਡੀ.ਸੀ. ਗੀਤਿਕਾ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜਰੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ 26 ਜਨਵਰੀ ਦਾ ਦਿਨ ਸਮੂਹ ਦੇਸ਼ ਵਾਸੀਆਂ ਲਈ ਗੌਰਵ ਦਾ ਪ੍ਰਤੀਕ ਹੈ ਕਿਉਂਕਿ ਇਸ ਦਿਨ 1950 ਨੂੰ ਭਾਰਤ ਰਤਨ ਭੀਮ ਰਾਓ ਅੰਬੇਦਕਰ ਜੀ ਵੱਲੋਂ ਲਿਖਿਤ ਸੰਵਿਧਾਨ ਲਾਗੂ ਹੋਇਆ ਸੀ ਜਿਸ ਵਿੱਚ ਹਰੇਕ ਦੇਸ਼ ਵਾਸੀ ਨੂੰ ਬਰਾਬਰਤਾ ਦੇ ਹੱਕ ਦਿੱਤੇ ਗਏ ਸਨ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਕੁਮਾਰ, ਡੀ.ਐਸ.ਪੀ. ਹਰਿਤੇਸ਼ ਕੌਸ਼ਿਕ, ਜ਼ਿਲ੍ਹਾ ਲੋਕ ਸੰਪਰਕ ਅਫਸਰ ਰਾਜ ਕੁਮਾਰ, ਜ਼ਿਲ੍ਹਾ ਖੇਡ ਅਫਸਰ ਗੁਰਦੀਪ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।