ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਫਹਿਰਾਇਆ ਤਿਰੰਗਾ
ਚੰਡੀਗੜ੍ਹ/ਸੰਗਰੂਰ, 26 ਜਨਵਰੀ
ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੁਲਿਸ ਲਾਈਨ ਸਟੇਡੀਅਮ ਸੰਗਰੂਰ ਵਿਖੇ ਦੇਸ਼ ਦੇ 76ਵੇਂ ਗਣਤੰਤਰ ਦਿਵਸ ਮੌਕੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਫ਼ਹਿਰਾਉਣ ਦੀ ਰਸਮ ਅਦਾ ਕੀਤੀ।
ਇਸ ਮੌਕੇ ਉਨ੍ਹਾਂ ਨੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ‘ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੈ। ਉਨ੍ਹਾਂ ਨੇ ਇਸ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ।
ਸੰਗਰੂਰ ਵਾਸੀਆਂ ਦੇ ਨਾਂ ਆਪਣਾ ਸੰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੇਸ਼ ਦੀਆਂ ਤਿੰਨੋ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਵੀਰਾਂ ਨੂੰ ਸਲਾਮ ਕਰਦਿਆਂ ਕਿਹਾ ਕਿ ਇਹ ਯੋਧੇ ਸਾਡੇ ਦੇਸ਼ ਦੀ ਪ੍ਰਭੂਸੱਤਾ ਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੀਆ ਜਾ ਰਹੀਆ ਵੱਖ-ਵੱਖ ਲੋਕ ਪੱਖੀ ਪਹਿਲਕਦਮੀਆਂ ਬਾਰੇ ਸਾਂਝ ਪਾਉਂਦੇ ਹੋਏ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ੍ਹ ਸੰਕਲਪ ਹੈ। ਉਹਨਾਂ ਦੱਸਿਆ ਕਿ ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਸੂਬੇ ਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲੀਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਪ੍ਰਬੰਧ ਕੀਤਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ ਤੇ ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਵਿੱਚ 1% ਰਾਖਵਾਂਕਰਨ ਦਾ ਉਪਬੰਧ ਵੀ ਹੈ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਪ੍ਰਤੀ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਨੇ ਪਹਿਲੀ ਵਾਰ ਇੱਕ ਵਿੱਤੀ ਸਾਲ ਦੇ ਪਹਿਲੇ 9 ਮਹੀਨਿਆਂ ਵਿੱਚ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 30,000 ਕਰੋੜ ਰੁਪਏ ਦਾ ਅੰਕੜਾ ਪਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਤੀ ਵਰ੍ਹੇ ਦੌਰਾਨ ਦਸੰਬਰ ਤੱਕ ਇਨ੍ਹਾਂ ਟੈਕਸਾਂ ਤੋਂ ਕੁੱਲ 31,156 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਪ੍ਰਾਪਤ ਹੋਇਆ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਆਪਣੀ ਖਰੀਦ ਦਾ ਬਿੱਲ ਲੈਣ ਵਾਸਤੇ ਉਤਸ਼ਾਹਿਤ ਕਰਨ ਲਈ "ਬਿੱਲ ਲਿਆਓ ਇਨਾਮ ਪਾਓ" ਸਕੀਮ ਜਾਰੀ ਕੀਤੀ ਗਈ ਹੈ ਅਤੇ ਇਸ ਯੋਜਨਾ ਤਹਿਤ ਜਨਵਰੀ 2025 ਤੱਕ 'ਮੇਰਾ ਬਿੱਲ' ਐਪ 'ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ 3850 ਜੇਤੂਆਂ ਨੂੰ 2 ਕਰੋੜ 27 ਲੱਖ 40 ਹਜਾਰ ਰੁਪਏ ਦੇ ਇਨਾਮਾਂ ਨਾਲ ਨਿਵਾਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਤੰਬਰ 2023 ਤੋਂ ਸ਼ੁਰੂ ਕੀਤੀ ਗਈ ਇਸ ਸਕੀਮ ਹੇਠਾਂ ਹੁਣ ਤੱਕ 16 ਡਰਾਅ ਸਫਲਤਾਪੂਰਵਕ ਕੱਢੇ ਗਏ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਸਤਾਂ ਦੀ ਖਰੀਦ ਦਾ ਬਿੱਲ ਜ਼ਰੂਰ ਲੈਣ ਕਿਉਂਕਿ ਇਸ ਨਾਲ ਜਿੱਥੇ ਖਰੀਦੋ-ਫਰੋਖਤ ਦੌਰਾਨ ਹੋਣ ਵਾਲੇ ਕਿਸੇ ਧੋਖੇ ਤੋਂ ਬਚਿਆ ਜਾ ਸਕਦਾ ਹੈ ਉਥੇ ਹੀ ਸੂਬੇ ਦੇ ਵਿਕਾਸ ਵਿੱਚ ਵੱਡਮੁੱਲਾ ਯੋਗਦਾਨ ਪਵੇਗਾ।
ਆਪਣੇ ਸੰਦੇਸ਼ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਦਿਆਂ ਰੋਜ਼ਗਾਰ, ਸਿਹਤ, ਸਿੱਖਿਆ ਅਤੇ ਖੇਡ ਖੇਤਰਾਂ ਦਾ ਵਿਕਾਸ ਕਰਨ ਦੇ ਨਾਲ-ਨਾਲ ਸੂਬੇ ਦੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦਿਵਾਉਣ ਲਈ ਮੁਫਤ ਬਿਜਲੀ ਮੁਹੱਈਆ ਕਰਨ ਵਰਗੀਆਂ ਸਹੂਲਤਾਂ ਪ੍ਰਦਾਨ ਕਰਨਾ ਅਤੇ ਪ੍ਰਸ਼ਾਸ਼ਕੀ ਸੁਧਾਰ ਲਿਆਉਣਾ ਪੰਜਾਬ ਸਰਕਾਰ ਦਾ ਮੁੱਖ ਮਕਸਦ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਕਰੀਬ 34 ਮਹੀਨਿਆਂ ਦੌਰਾਨ 50 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ।
ਇਸ ਮੌਕੇ ਉਨ੍ਹਾਂ ਸੰਗਰੂਰ ਜ਼ਿਲ੍ਹੇ ਦੀਆ ਅਹਿਮ ਪਹਿਲਕਦਮੀਆਂ ਦਾ ਵਿਸ਼ੇਸ਼ ਜ਼ਿਕਰ ਕੀਤਾ ਜਿਸ ਵਿੱਚ ਪਿੰਡ ਖੇੜੀ ਵਿਖੇ ਲਗਭਗ 29 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੀ-ਪਾਇਟ ਕੇਂਦਰ, ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਉਂਦਿਆਂ ਸੰਗਰੂਰ ਜਿਲ੍ਹੇ ਦੇ ਪਿੰਡਾਂ ਵਿੱਚ 35 ਅਤੇ ਸ਼ਹਿਰੀ ਇਲਾਕਿਆਂ ਵਿੱਚ 11 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ, ਕਰੀਬ 21 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਸਿਵਲ ਹਸਪਤਾਲ ਸੰਗਰੂਰ ਦੇ ਵਿਸਥਾਰ ਅਤੇ ਮੌਜੂਦਾ ਨਰਸਿੰਗ ਕਾਲਜ ਦੀ ਵਾਧੂ ਮੰਜ਼ਿਲ ਦੀ ਉਸਾਰੀ ਦੇ ਕਾਰਜ, ਧੂਰੀ ਵਿਖੇ ਤਕਰੀਬਨ 22 ਕਰੋੜ ਰੁਪਏ ਦੀ ਲਾਗਤ ਨਾਲ ਸਬ ਡਵੀਜ਼ਨਲ ਹਸਪਤਾਲ ਅਤੇ ਮੈਟਰਨਲ ਤੇ ਚਾਈਲਡ ਕੇਅਰ ਬਿਲਡਿੰਗ ਦੇ ਨਵੇਂ ਬਲਾਕ ਦੀ ਉਸਾਰੀ ਦੇ ਕਾਰਜ ਚੱਲ ਰਹੇ ਹਨ। ਉਹਨਾਂ ਦੱਸਿਆ ਕਿ ਦਿੜ੍ਹਬਾ ਸਬ ਡਵੀਜ਼ਨ ਦੇ ਕੌਹਰੀਆਂ ਇਲਾਕੇ ਵਿੱਚ ਸਿਹਤ ਸੁਵਿਧਾਵਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ ਲਗਭਗ 11 ਕਰੋੜ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਸਿਹਤ ਕੇਂਦਰ ਉਸਾਰਿਆ ਗਿਆ ਹੈ। ਸ਼੍ਰੀ ਚੀਮਾ ਨੇ ਦੱਸਿਆ ਕਿ ਸੰਗਰੂਰ ਜਿਲ੍ਹੇ ਵਿੱਚ ਵੀ 8 ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਸਕੂਲਾਂ ਅਤੇ ਲੜਕੀਆਂ ਦੇ 17 ਸੀਨੀਅਰ ਸੈਕੰਡਰੀ ਸਕੂਲਾਂ ਲਈ ਟ੍ਰਾਂਸਪੋਰਟ ਸੁਵਿਧਾ ਸ਼ੁਰੂ ਕੀਤੀ ਗਈ ਹੈ, ਜਿਸ ਦਾ 10,000 ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲ ਰਿਹਾ ਹੈ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਗੋਇੰਦਵਾਲ ਪਾਵਰ ਪਲਾਂਟ ਨੂੰ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦਿਆ ਗਿਆ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਕਿਸੇ ਸੂਬਾ ਸਰਕਾਰ ਦੁਆਰਾ ਇੱਕ ਪ੍ਰਾਈਵੇਟ ਪਾਵਰ ਪਲਾਂਟ ਖਰੀਦਣ ਦੀ ਇਹ ਪਹਿਲੀ ਘਟਨਾ ਹੈ।
ਹਰਪਾਲ ਸਿੰਘ ਚੀਮਾ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਦਿੜਬਾ ਵਿਖੇ 11 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਸਬ ਡਵੀਜ਼ਨਲ ਕੰਪਲੈਕਸ ਬਣਵਾ ਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਸਬ ਡਵੀਜ਼ਨਲ ਕੰਪਲੈਕਸ ਦੀ ਚਾਰ ਮੰਜ਼ਿਲਾ ਇਮਾਰਤ ਵਿੱਚ ਐਸ.ਡੀ.ਐਮ., ਤਹਿਸੀਲਦਾਰ, ਬੀ.ਡੀ.ਪੀ.ਓ., ਡੀ.ਐਸ.ਪੀ., ਸੀ.ਡੀ.ਪੀ.ਓ. ਅਤੇ ਹੋਰ ਦਫ਼ਤਰ ਸਥਾਪਿਤ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਦਿੜ੍ਹਬਾ ਵਿਖੇ ਖੁਸ਼ੀ ਗ਼ਮੀ ਦੇ ਮੌਕਿਆਂ ਉਤੇ ਸਮਾਗਮ ਕਰਨ ਲਈ ਲਗਭਗ 2.25 ਕਰੋੜ ਰੁਪਏ ਦੀ ਲਾਗਤ ਨਾਲ ਅੰਬੇਡਕਰ ਭਵਨ (ਕਮਿਊਨਿਟੀ ਸੈਂਟਰ) ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਦਾ ਲੋੜਵੰਦ ਲੋਕਾਂ ਨੂੰ ਵੱਡਾ ਲਾਭ ਮਿਲੇਗਾ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੁਲਿਸ ਲਾਈਨ ਵਿਖੇ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਸਮੇਤ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮੇਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਵੀ ਉਨ੍ਹਾਂ ਦੇ ਨਾਲ ਸਨ। ਪੁਲਿਸ ਲਾਈਨ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤਹਿਤ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਲਈ। ਇਸ ਦੌਰਾਨ ਪੰਜਾਬ ਸਰਕਾਰ ਦੇ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਦਰਸਾਉਂਦੀਆਂ ਵੱਖ-ਵੱਖ ਝਾਕੀਆਂ, ਜਿਨਾਂ ਵਿੱਚ ਸਿਹਤ ਵਿਭਾਗ ਦੇ ਗੈਰ ਸੰਚਾਰੀ ਰੋਗ ਕੰਟਰੋਲ ਪ੍ਰੋਗਰਾਮ, ਸੀਐਮ ਦੀ ਯੋਗਸ਼ਾਲਾ, ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ ਤਿੰਨ, ਪਰਾਲੀ ਨੂੰ ਸਾੜਨ ਤੋਂ ਰੋਕਣ ਦੀ ਮੁਹਿੰਮ, ਪੀਐਸਪੀਸੀਐਲ, ਸਕੂਲ ਆਫ ਐਮੀਨੈਂਸ, ਮਗਨਰੇਗਾ ਸਕੀਮ ਅਤੇ ਸੜਕ ਸੁਰੱਖਿਆ ਫੋਰਸ ਦੀ ਝਾਕੀ ਸ਼ਾਮਿਲ ਸਨ , ਵੀ ਖਿੱਚ ਦਾ ਕੇਂਦਰ ਬਣੀਆਂ। ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਆਜ਼ਾਦੀ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ।
ਇਸ ਉਪਰੰਤ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਪ੍ਰੋਗਰਾਮ ਤਹਿਤ ਕੋਰੀਓਗ੍ਰਾਫੀ, ਸਭਿਆਚਾਰਕ ਵੰਨਗੀਆਂ ਤਹਿਤ ਬੰਗਾਲੀ ਲੋਕ ਨਾਚ, ਪੰਜਾਬ ਦੇ ਰਿਵਾਇਤੀ ਲੋਕ ਨਾਚਾਂ ਗਿੱਧੇ ਅਤੇ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ ਜਿਸ ਦਾ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ।
ਇਸ ਉਪਰੰਤ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਵੰਡੇ। ਇਸ ਮੌਕੇ ਮੁੱਖ ਮਹਿਮਾਨ ਨੇ ਜ਼ਿਲਾ ਸੰਗਰੂਰ ਦੇ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਦਰਜ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਜ਼ਿਲਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ ।
ਕੈਬਨਿਟ ਮੰਤਰੀ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੁੰਦਿਆਂ ਮਿਤੀ 27 ਜਨਵਰੀ ਨੂੰ ਉਨ੍ਹਾਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਜਿਨ੍ਹਾਂ ਵਲੋਂ ਅੱਜ ਦੇ ਸਮਾਗਮ ਵਿੱਚ ਹਿੱਸਾ ਲਿਆ ਗਿਆ ਸੀ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸਐਸਪੀ ਸਰਤਾਜ ਸਿੰਘ ਚਹਿਲ ਵੱਲੋਂ ਕੈਬਨਿਟ ਮੰਤਰੀ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਨ ਵੱਲੋਂ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਹਿਲੇ ਸਥਾਨ ਉੱਤੇ ਰਹੀ ਸੜਕ ਸੁਰੱਖਿਆ ਫੋਰਸ ਦੀ ਝਾਕੀ, ਦੂਜੇ ਸਥਾਨ ਉੱਤੇ ਰਹੀ ਪੀਐਸਪੀਸੀਐਲ ਦੀ ਝਾਕੀ ਅਤੇ ਤੀਜੇ ਸਥਾਨ ਉੱਤੇ ਰਹੀਆਂ ਸਕੂਲ ਆਫ ਐਮੀਨੈਂਸ ਤੇ ਖੇਡਾਂ ਵਤਨ ਪੰਜਾਬ ਦੀਆਂ ਝਾਕੀਆਂ ਨੂੰ ਸਨਮਾਨਿਤ ਕੀਤਾ ਗਿਆ।
ਕੈਬਨਿਟ ਮੰਤਰੀ ਵੱਲੋਂ ਪਰੇਡ ਕਮਾਂਡਰ ਡੀਐਸਪੀ ਮੇਜਰ ਗੁਰਪ੍ਰੀਤ ਸਿੰਘ, ਵੱਖ ਵੱਖ ਪਰੇਡ ਟੁਕੜੀਆਂ ਦੇ ਇੰਚਾਰਜ ਵੀ ਸਨਮਾਨਿਤ ਕੀਤੇ ਗਏ।
ਸਮਾਗਮ ਦੌਰਾਨ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਮੁਨੀਸ਼ ਸਿੰਗਲ ਸਮੇਤ ਸਮੂਹ ਜ਼ੁਡੀਸ਼ੀਅਲ ਅਧਿਕਾਰੀ, ਪੰਜਾਬ ਲੱਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋ, ਚੇਅਰਮੈਨ ਪੰਜਾਬ ਰਾਜ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਜਸਵੀਰ ਸਿੰਘ ਕੁਦਨੀ, ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਸਿੰਗਲਾ, ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ, ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ, ਕੈਬਨਿਟ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ, ਏਡੀਸੀ (ਵਿਕਾਸ) ਸੁਖਚੈਨ ਸਿੰਘ ਪਾਪੜਾ, ਸੀਐਮ ਫੀਲਡ ਅਫਸਰ ਡਾ. ਕਰਮਜੀਤ ਸਿੰਘ, ਐਸਡੀਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ ਡਾ. ਅਦਿਤਿਆ ਤੇ ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਪ੍ਰਸ਼ਾਸ਼ਨਿਕ ਅਤੇ ਪੁਲਿਸ ਅਧਿਕਾਰੀ, ਵੱਖ ਵੱਖ ਵਿਭਾਗਾਂ ਦੇ ਮੁਖੀ, ਸਕੂਲੀ ਵਿਦਿਆਰਥੀ, ਅਧਿਆਪਕ, ਸ਼ਹਿਰ ਵਾਸੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।