ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਵਿੱਦਿਅਕ ਅਦਾਰਿਆਂ ਦੇ ਹਾਣੀ ਬਣਾਉਣ ਲਈ ਕੀਤੇ ਜਾ ਰਹੇ ਹਨ ਯਤਨ : ਦਹੀਯਾ

ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਵਿਧਾਇਕ ਰਜਨੀਸ਼ ਦਹੀਯਾ ਨੇ ਹਲਕੇ ਦੇ ਸਕੂਲਾਂ 'ਚ ਵਿਕਾਸ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ
ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਵਿੱਦਿਅਕ ਅਦਾਰਿਆਂ ਦੇ ਹਾਣੀ ਬਣਾਉਣ ਲਈ ਕੀਤੇ ਜਾ ਰਹੇ ਹਨ ਯਤਨ : ਦਹੀਯਾ
ਫ਼ਿਰੋਜ਼ਪੁਰ 22 ਅਪ੍ਰੈਲ 2025 ( ਸੁਖਵਿੰਦਰ ਸਿੰਘ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਰਾਜ 'ਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ" ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਵਿੱਚ ਪਿਛਲੇ ਤਿੰਨਾਂ ਸਾਲਾਂ ਵਿੱਚ ਕਈ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਇਨ੍ਹਾਂ ਵਿਕਾਸ ਕਾਰਜਾਂ ਦੀ ਲੜੀ ਵਿੱਚ ਅੱਜ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਝੋਕ ਨੋਧ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਮਿਡਲ ਸਕੂਲ ਜੋਧਪੁਰ ਅਤੇ ਸਕੂਲ ਆਫ ਐਮੀਨੈਂਸ ਨੂੰ ਮਮਦੋਟ ਉਤਾੜ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਨੂੰ ਅੰਤਰ ਰਾਸ਼ਟਰੀ ਵਿੱਦਿਅਕ ਸੰਸਥਾਵਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ ਪ੍ਰਦਾਨ ਕੀਤਾ ਹੈ। ਇਹ ਉਨ੍ਹਾਂ ਨੂੰ ਹੋਰ ਅੱਗੇ ਵਧਣ ਦੇ ਸਮਰੱਥ ਬਣਾਏਗਾ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਆਪਕਾਂ ਦੇ ਸਿੱਖਿਆ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਸਿਖਲਾਈ ਯੋਜਨਾਵਾਂ ਅਪਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਅਧਿਆਪਕਾਂ ਨੂੰ ਸਾਡੇ ਦੇਸ਼ ਦੀਆਂ ਹੀ ਨਹੀਂ ਸਗੋਂ ਵਿਦੇਸ਼ਾਂ ਦੀਆਂ ਆਧੁਨਿਕ ਤੇ ਬਿਹਤਰੀਨ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ ਜਿਸ ਨਾਲ ਯਕੀਨੀ ਤੌਰ 'ਤੇ ਉਨ੍ਹਾਂ ਦੀ ਅਧਿਆਪਨ ਸ਼ੈਲੀ ਦੇ ਨਾਲ-ਨਾਲ ਬੱਚਿਆਂ ਦੇ ਸਿੱਖਣ ਦੀ ਸਮਰੱਥਾ ਵਿੱਚ ਵੀ ਸਕਾਰਾਤਮਕ ਵਾਧਾ ਹੋਇਆ ਹੈ।
ਇਸ ਮੌਕੇ ਪ੍ਰਿੰਸੀਪਲ ਰੁਬੀਨਾ, ਰੋਬੀ ਸੰਧੂ , ਗੁਰਪ੍ਰੀਤ ਸਿੰਘ ਗਿੱਲ ,ਬਲਰਾਜ ਸਿੰਘ ਚੈਅਰਮੈਨ ਮਾਰਕੀਟ ਕਮੇਟੀ ਮਮਦੋਟ , ਉਪਿੰਦਰ ਸੰਧੂ ਪ੍ਰਧਾਨ ਨਗਰ ਪੰਚਾਇਤ, ਯਸ਼ਪਾਲ ਗਾਬਾ , ਨਿਰਵੈਰ ਸਿੰਘ ਸਿੰਧੀ, ਜਸਬੀਰ ਸਿੰਘ ਮਮਦੋਟ , ਅਜੈ ਚੰਨ , ਤਲਵਿੰਦਰ ਸਿੰਘ ਖਾਲਸਾ , ਸੁਰਿੰਦਰ ਸਿੰਘ , ਹਰੀਸ਼ ਕੁਮਾਰ ਸਕੂਲ ਆਫ਼ ਐਮੀਨੈਂਸ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
*****
Related Posts
Latest News
