ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
ਮਾਨਸਾ, 24 ਜਨਵਰੀ :
ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ ਜਿੱਥੋਂ ਲਾਹਾ ਲੈ ਕੇ ਵਿਦਿਆਰਥੀ ਆਪਣੇ ਸੁਨਹਿਰੀ ਭਵਿੱਖ ਲਈ ਯੋਜਨਾਬੱਧ ਢੰਗ ਨਾਲ ਅੱਗੇ ਵਧ ਸਕਦੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਝੁਨੀਰ ਵਿਖੇ ਯੂਥ ਲਾਇਬ੍ਰੇਰੀ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਵੀ ਮੌਜੂਦ ਸਨ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਅਤਿ ਆਧੁਨਿਕ ਲਾਇਬ੍ਰੇਰੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਕਿ ਸ਼ਹਿਰਾਂ ਤੋਂ ਦੂਰ ਦੁਰਾਡੇ ਪਿੰਡਾਂ ਵਿਚ ਰਹਿ ਰਹੇ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਲਾਇਬ੍ਰੇਰੀ ਵਿਚ ਉਸਾਰੂ ਸਾਹਿਤਕ ਕਿਤਾਬਾਂ ਦੇ ਨਾਲ ਨਾਲ ਵਧੀਆ ਫਰਨੀਚਰ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਲਾਇਬ੍ਰੇਰੀਆਂ ਗਿਆਨ ਵਿਚ ਵਾਧੇ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਹਾਈ ਹੁੰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਦੇ ਨਾਲ ਨਾਲ ਪੜ੍ਹਨ ਦੇ ਸ਼ੌਕੀਨ ਹੋਰਨਾਂ ਵਿਅਕਤੀਆਂ ਨੂੰ ਵੀ ਇਸ ਲਾਇਬੇ੍ਰਰੀ ਵਿੱਚ ਰਜਿਸਟੇ੍ਰਸ਼ਨ ਕਰਵਾ ਕੇ ਇਸ ਨਾਲ ਜੁੜਨ ਦੀ ਅਪੀਲ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ, ਬੀ.ਡੀ.ਪੀ.ਓ. ਝੁਨੀਰ ਕੁਸਮ ਅੱਗਰਵਾਲ, ਸਰਪੰਚ ਪਿੰਡ ਝੁਨੀਰ ਜਗਪਾਲ ਸਿੰਘ, ਗਰਾਂਮ ਪੰਚਾਇਤ ਦੇ ਮੈਂਬਰ ਅਤੇ ਇਲਾਕੇ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ।