ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਚੁੱਕੇ ਜਾ ਰਹੇ ਹਨ ਅਹਿਮ ਕਦਮ
ਗਿੱਦੜਬਾਹਾ/ਮਲੋਟ/ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ
ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ, ਇਹਨਾਂ ਮਾਮਲਿਆਂ ਨੂੰ ਜ਼ੀਰੋ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਸੰਦ ਵੀ ਸਬਸਿਡੀ ਉੱਪਰ ਦਿੱਤੇ ਜਾ ਰਹੇ ਹਨ, ਜਿਹੜੇ ਫ਼ਸਲ ਦੀ ਰਹਿੰਦ ਖੂਹੰਦ ਨੂੰ ਬਿਨਾਂ ਅੱਗ ਲਗਾਏ ਅਗਲੀ ਫਸਲ ਦੀ ਬਿਜਾਈ ਨੂੰ ਪੂਰਨ ਸੌਖਾਲਾ ਕਰ ਦਿੰਦੇ ਹਨ, ਇਹ ਪ੍ਰਗਟਾਵਾ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਖੇਤੀਬਾੜੀ ਵਿਭਾਗ ਵੱਲੋਂ ਹਾਟ ਸਪਾਟ ਪਿੰਡ ਭੂੰਦੜ, ਵਾਦੀਆਂ, ਝੋਰੜ ਅਤੇ ਆਲਮਵਾਲਾ ਵਿੱਚ ਲਗਾਏ ਗਏ ਜਾਗਰੂਕਤਾ ਕੈਂਪਾਂ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਉਹਨਾਂ ਕਿਸਾਨਾਂ ਨੂੰ ਕਿਹਾ ਕਿ ਉਹ ਵਾਤਾਵਰਨ ਦੀ ਸ਼ੁੱਧਤਾ ਵਿੱਚ ਯੋਗਦਾਨ ਪਾਉਣ, ਕਿਉਂਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਆਦੇਸ਼ ਵੀ ਜਾਰੀ ਕੀਤੇ ਗਏ ਹਨ, ਜਿਹਨਾਂ ਦੀ ਪਾਲਣਾ ਕਰਨੀ ਅਤਿ ਜਰੂਰੀ ਹੈ ।
ਉਹਨਾਂ ਕੰਬਾਈਨ ਆਪ੍ਰੇਟਰਾਂ/ਮਾਲਕਾਂ ਨੂੰ ਪਰਾਲੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ। ਉਹਨਾਂ ਦੱਸਿਆ ਕਿ ਵੱਖ-ਵੱਖ ਕੋਰਟ ਕੇਸਾਂ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਸੁਪਰੀਮ ਕੋਰਟ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਿਨ੍ਹਾਂ ਸੁਪਰ ਐਸ.ਐਮ.ਐਸ. ਤੋਂ ਕੰਬਾਈਨਾਂ ਨੂੰ ਚਲਾਉਣ ਉੱਪਰ ਰੋਕ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ।
ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਤਹਿਤ ਜ਼ਿਲ੍ਹੇ ਅੰਦਰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ.) ਤੋ ਬਿਨ੍ਹਾਂ ਕੋਈ ਵੀ ਕੰਬਾਇਨ ਨਾ ਚਲਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ’ਤੇ ਮਾਰੂ ਪ੍ਰਭਾਵ ਪੈਂਦਾ ਹੈ ਇਸ ਲਈ ਐਸ.ਐਮ.ਐਸ. ਤੋਂ ਬਿਨ੍ਹਾਂ ਝੋਨੇ ਦੀ ਕਟਾਈ ਨਾ ਕਰਨ। ਉਹਨਾਂ ਕਿਹਾ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 6 ਵਜੇ ਤੋਂ ਸਵੇਰ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਲਈ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਉਹ ਅਨਾਜ ਮੰਡੀਆਂ ਵਿੱਚ ਸੁੱਕਾ ਤੇ ਸਾਫ਼ ਸੁਥਰਾ ਝੋਨਾ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਫਸਲ ਵੇਚਣ ਦੌਰਾਨ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਐਸ.ਪੀ. (ਐਚ) ਸ੍ਰੀ ਕੰਵਲਪ੍ਰੀਤ ਸਿੰਘ ਚਾਹਲ, ਐਸ.ਡੀ.ਐਮ. ਗਿੱਦੜਬਾਹਾ ਸ੍ਰੀ ਜਸਪਾਲ ਸਿੰਘ, ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ, ਡਾ. ਗੁਰਨਾਮ ਸਿੰਘ, ਡਾ. ਕਰਨਜੀਤ ਸਿੰਘ (ਆਤਮਾ) ਤੋਂ ਇਲਾਵਾ ਪਤਵੰਤੇ ਵਿਅਕਤੀ ਅਤੇ ਕਿਸਾਨ ਹਾਜ਼ਰ ਸਨ।