ਅਮਨ ਅਰੋੜਾ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਿਜਦਾ
ਚੰਡੀਗੜ੍ਹ/ ਸ੍ਰੀ ਫ਼ਤਹਿਗੜ੍ਹ ਸਾਹਿਬ, 27 ਦਸੰਬਰ:
ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਸ਼ਹੀਦੀ ਸਭਾ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਮਹਾਨ ਅਤੇ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਕੁਰਬਾਨੀ ਇਤਿਹਾਸ ਦੇ ਪੰਨ੍ਹਿਆਂ ‘ਤੇ ਸਦਾ ਲਈ ਉੱਕਰੀ ਗਈ ਹੈ, ਜੋ ਅਟੁੱਟ ਵਿਸ਼ਵਾਸ ਅਤੇ ਬੇਮਿਸਾਲ ਬਹਾਦਰੀ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਕਾਲ ਪੁਰਖ ਅੱਗੇ ਸਰਬੱਤ ਦੇ ਭਲੇ ਅਤੇ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਹੈ। ਉਨ੍ਹਾਂ ਨੇ ਸਿੱਖ ਇਤਿਹਾਸ ਦੇ ਇਸ ਅਹਿਮ ਅਧਿਆਏ ਬਾਰੇ ਹੋਰ ਜਾਗਰੂਕਤਾ ਪੈਦਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਜੋ ਕਿ ਕੁਰਬਾਨੀ ਅਤੇ ਬੇਮਿਸਾਲ ਬਹਾਦਰੀ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਇਹ ਸ਼ਹਾਦਤਾਂ ਸਾਨੂੰ ਬਿਨਾਂ ਕਿਸੇ ਡਰ-ਭੈਅ ਤੋਂ ਸੱਚ ਦੀ ਆਵਾਜ਼ ਬੁਲੰਦ ਕਰਨ ਦੀ ਸੇਧ ਦਿੰਦੀਆਂ ਹਨ। ਉਹਨਾਂ ਕਿਹਾ ਕਿ ਝੂਠ ਤੇ ਕੂੜ ਦਾ ਪਸਾਰਾ ਜਿੰਨਾ ਮਰਜ਼ੀ ਵੱਡਾ ਹੋਵੇ, ਅੰਤ ਨੂੰ ਜਿੱਤ ਸੱਚ ਦੀ ਹੋਣੀ ਹੁੰਦੀ ਹੈ।
ਸ੍ਰੀ ਅਮਨ ਅਰੋੜਾ ਨੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ, ਪੰਜਾਬ ਦੇ ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ, ਡਾ. ਬਲਜੀਤ ਕੌਰ ਸਮੇਤ ਗੁਰ ਮਰਯਾਦਾ ਅਨੁਸਾਰ ਪੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ। ਇਸ ਮੌਕੇ ਹਲਕਾ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸ੍ਰੀ ਅਰੋੜਾ ਨੂੰ ਯਾਦਗਾਰੀ ਚਿੰਨ੍ਹ ਵੀ ਭੇਟ ਕੀਤੇ।
ਇਸ ਮੌਕੇ ਵਿਧਾਇਕ ਬੱਸੀ ਪਠਾਣਾ ਰੁਪਿੰਦਰ ਸਿੰਘ ਹੈਪੀ, ਵਿਧਾਇਕ ਸਮਾਣਾ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਸਮਰਾਲਾ ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਇੰਪਰੂਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਦੀਪਕ ਸ਼ਰਮਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ।