ਮੋਹਿੰਦਰ ਭਗਤ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨ ਲਈ ਜ਼ਿਲ੍ਹਿਆਂ ਦਾ ਕਰਨਗੇ ਦੌਰਾ, 3-ਮਹੀਨੇ ਦੀ ਕਾਰਜ ਯੋਜਨਾ ਤਿਆਰ

ਚੰਡੀਗੜ੍ਹ, 25 ਅਪ੍ਰੈਲ:
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਸਾਬਕਾ ਸੈਨਿਕਾਂ ਨਾਲ ਨਿੱਜੀ ਤੌਰ 'ਤੇ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਜਾਇਜ਼ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨਗੇ। ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਤਿੰਨ ਮਹੀਨਿਆਂ ਦੀ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ।
ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸਰਗਰਮੀ ਨਾਲ ਕਾਰਜਸ਼ੀਲ ਹੈ। ਉਨ੍ਹਾਂ ਮੀਟਿੰਗ ਦੌਰਾਨ ਵਿਭਾਗੀ ਪਹਿਲਕਦਮੀਆਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਮੰਤਰੀ ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਨਾਲ ਸਬੰਧਤ ਮੁੱਦਿਆਂ ਨੂੰ ਤਰਜੀਹ ਦੇਣ ਅਤੇ ਉਨ੍ਹਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
ਇਸ ਮੀਟਿੰਗ ਵਿੱਚ ਰੱਖਿਆ ਸੇਵਾਵਾਂ ਭਲਾਈ ਦੇ ਵਧੀਕ ਮੁੱਖ ਸਕੱਤਰ ਸ੍ਰੀ ਜੇ.ਐਮ. ਬਾਲਾਮੁਰੂਗਨ ਅਤੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ ਨੇ ਮੰਤਰੀ ਨੂੰ ਪ੍ਰਗਤੀਸ਼ੀਲ ਯੋਜਨਾਵਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ।
ਸੂਬਾ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਸ੍ਰੀ ਭਗਤ ਨੇ ਕਿਹਾ ਕਿ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਪੁਨਰਵਾਸ ਤੇ ਭਲਾਈ ਲਈ ਵਿਆਪਕ ਸਹਾਇਤਾ ਅਤੇ ਸਹੂਲਤਾਂ ਪ੍ਰਦਾਨ ਕਰਨ ਵਾਸਤੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
Related Posts
Latest News
