10 ਅਪ੍ਰੈਲ ਨੂੰ ਨਵੀਂ ਦਾਣਾ ਮੰਡੀ, ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ : ਮੁੱਖ ਖੇਤੀਬਾੜੀ ਅਫ਼ਸਰ

ਫ਼ਿਰੋਜ਼ਪੁਰ, 8 ਅਪ੍ਰੈਲ 2025 ( ਸੁਖਵਿੰਦਰ ਸਿੰਘ ):- ਮੁੱਖ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵੀਰਵਾਰ, ਮਿਤੀ 10 ਅਪ੍ਰੈਲ 2025 ਨੂੰ ਅਨਾਜ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਕਿਸਾਨਾਂ ਨੂੰ ਖੇਤੀਬਾੜੀ, ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਖੇਤੀ ਮਾਹਿਰਾਂ ਵੱਲੋਂ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਤੋਂ ਇਲਾਵਾ ਖੇਤੀ ਵਿਗਿਆਨੀਆਂ ਦੁਆਰਾ ਕੀਤੀਆਂ ਗਈਆਂ ਨਵੀਆਂ ਸਿਫ਼ਾਰਿਸ਼ਾਂ ਤੋਂ ਜਾਣੂ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਮੌਕੇ ਖੇਤੀ ਤੇ ਸਹਾਇਕ ਧੰਦਿਆਂ ਨਾਲ ਸਬੰਧਤ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ ਅਤੇ ਕਿਸਾਨਾਂ ਨੂੰ ਵੱਖ-ਵੱਖ ਤਰ੍ਹਾਂ ਦੇ ਖੇਤੀ ਇਨਪੁਟਸ ਵੀ ਮੁਹੱਈਆ ਕਰਵਾਏ ਜਾਣਗੇ। ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਕਿਸਾਨਾਂ ਨੂੰ ਇਸ ਕੈਂਪ ਵਿੱਚ ਵੱਧ ਚੜ੍ਹਕੇ ਸ਼ਮੂਲੀਅਤ ਕਰ ਕੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ।
*****
Latest News
