ਸੇਖਾ ਕਲਾਂ ਵਿਖੇ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ
ਮੋਗਾ, 3 ਦਸੰਬਰ
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਹੁਕਮਾਂ ਅਨੁਸਾਰ ਮੋਗਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਵੱਲੋਂ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਹਰ ਸਾਲ ਦੀ ਤਰ੍ਹਾਂ ਮਿਤੀ 3 ਦਸੰਬਰ, 2024 ਨੂੰ ਚੜਦੀਕਲ੍ਹਾ ਆਲ ਫਿਜ਼ੀਕਲ ਚੈਲੰਜਡ ਪਰਸਨ ਵੈਲਫੇਅਰ ਸੋਸਾਇਟੀ (ਰਜਿ) ਪੰਜਾਬ ਦੇ ਸਹਿਯੋਗ ਸਦਕਾ ਪਿੰਡ ਸੇਖਾ ਕਲਾਂ ਮੋਗਾ ਵਿਖੇ ਕੀਤਾ ਗਿਆ। ਇਸ ਵਿੱਚ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਪਿੰਡਾਂ ਤੋਂ ਭਾਰੀ ਗਿਣਤੀ ਵਿੱਚ ਦਿਵਿਆਂਗਜਨਾਂ ਨੇ ਸ਼ਮੂਲੀਅਤ ਕੀਤੀ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਸ਼੍ਰੀਮਤੀ ਇੰਦਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਦਿਵਿਆਂਗਜਨ ਸਮਾਜ ਦਾ ਮਹੱਤਵਪੂਰਨ ਅੰਗ ਹਨ ਅਤੇ ਇਹਨਾਂ ਨੂੰ ਸਮਾਜ ਵਿੱਚ ਬਰਾਬਰੀ ਦਾ ਅਧਿਕਾਰ ਦੇਣਾ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ। ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਜ਼ਿਲ੍ਹੇ ਭਰ ਤੋਂ ਦਿਵਿਆਂਗਜਨਾਂ ਦੀ ਭਲਾਈ ਲਈ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਸ਼ਮੂਲੀਅਤ ਕੀਤੀ ਅਤੇ ਵੱਖ ਵੱਖ ਖੇਤਰ ਵਿੱਚ ਮੁਕਾਮ ਹਾਸਲ ਕਰਨ ਵਾਲੇ ਦਿਵਿਆਂਗਜਨਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਦਿਵਿਆਂਗਜਨ ਆਪਣੀ ਕਲਾ ਦੇ ਪ੍ਰਦਰਸ਼ਨ ਕਰਦੇ ਹੋਏ ਸੱਭਿਆਚਾਰਕ ਅਤੇ ਹੋਰ ਅਲੱਗ ਅਲੱਗ ਪ੍ਰੋਗਰਾਮ ਪੇਸ਼ ਕੀਤਾ ਗਿਆ।