ਪ੍ਰਿੰਸੀਪਲ ਸਕੱਤਰ ਐਨਆਰਆਈ ਨੇ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਬਠਿੰਡਾ, 28 ਅਕਤੂਬਰ : ਪ੍ਰਿੰਸੀਪਲ ਸਕੱਤਰ ਐੱਨਆਰਆਈ ਸ਼੍ਰੀ ਦਲੀਪ ਕੁਮਾਰ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਪ੍ਰਬੰਧਾਂ ਤੋਂ ਇਲਾਵਾ ਹੋ ਰਹੀ ਲਿਫਟਿੰਗ ਦੇ ਮੱਦੇਨਜ਼ਰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅਧਿਕਾਰੀਆ ਨਾਲ ਸਮੀਖਿਆ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਿੰਸੀਪਲ ਸਕੱਤਰ ਐੱਨਆਰਆਈ ਸ਼੍ਰੀ ਦਲੀਪ ਕੁਮਾਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਲਗਾਈਆਂ ਡਿਊਟੀਆਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈਆਂ ਜਾਣ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਗਾਈਆਂ ਗਈਆਂ ਟੀਮਾਂ ਤੋਂ ਇਲਾਵਾ ਹੁਣ ਤੱਕ ਕੀਤੇ ਗਏ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ, ਜਿਸ ’ਤੇ ਉਨ੍ਹਾਂ ਪੂਰਨ ਤਸੱਲੀ ਪ੍ਰਗਟਾਈ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਦੱਸਿਆ ਕਿ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹੇ ਭਰ ’ਚ 67 ਸਪੈਸ਼ਲ ਸੁਪਰਵਾਈਜ਼ਰ, 25 ਕਲੱਸਟਰ ਅਫਸਰ ਅਤੇ 254 ਨੋਡਲ ਅਫਸਰ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ 67 ਸਪੈਸ਼ਲ ਸੁਪਰਵਾਈਜ਼ਰ ਉੱਥੇ ਲਗਾਏ ਜਿਥੇ ਪਿਛਲੇ ਸਾਲ ਝੋਨੇ ਦੀ ਪਰਾਲੀ ਨੂੰ ਵੱਧ ਅੱਗ ਲਗਾਈ ਗਈ ਸੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਸਬੰਧੀ ਲਗਾਤਾਰ ਪਿੰਡਾਂ ਵਿੱਚ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਉੱਨਤ ਕਿਸਾਨ ਐਪ ਬਾਰੇ ਵੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਇਸ ਐਪ ਰਾਹੀਂ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਸਕਣ।
ਇਸ ਮੌਕੇ ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ, ਐਸਡੀਐਮ ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਸਹਾਇਕ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਰਸ਼ਿਤ ਮਹਿਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ ਗੁਰਪ੍ਰਤਾਪ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ ਡਾ ਜਗਸੀਰ ਸਿੰਘ, ਸਹਾਇਕ ਖੇਤੀਬਾੜੀ ਇੰਜੀਨੀਅਰ ਸ਼੍ਰੀ ਗੁਰਜੀਤ ਵਿਰਕ, ਫੀਲਡ ਅਫਸਰ ਸ਼੍ਰੀ ਸੁਖਵੀਰ ਸਿੰਘ ਸੋਢੀ, ਨੋਡਲ ਅਫਸਰ ਨਵਜੀਤ ਸਿੰਘ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਆਦਿ ਹਾਜ਼ਰ ਸਨ।