ਪੰਜਾਬ ਸਰਕਾਰ ਲੋਕਾਂ ਨੂੰ ਘਰ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਦੇਣ ਲਈ ਵਚਨਬੱਧ-ਡੀ.ਸੀ
ਫ਼ਰੀਦਕੋਟ 27 ਸਤੰਬਰ,2024
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ਵਿੱਚ ਆਉਣ ਜਾਣ ਦਾ ਸਮਾਂ ਬਚਦਾ ਹੈ ਅਤੇ ਉਹ ਆਪਣੀ ਸੁਵਿਧਾ ਅਨੁਸਾਰ ਸੇਵਾ ਸਹਾਇਕ ਨੂੰ ਘਰ ਬੁਲਾ ਸਕਦੇ ਹਨ। ਜਿੱਥੇ ਸੇਵਾ ਸਹਾਇਕ ਨਾਗਰਿਕ ਦੇ ਘਰ ਆ ਕੇ ਉਸਦੀ ਅਰਜ਼ੀ ਲੈਂਦਾ ਹੈ, ਫੋਟੋ ਅਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਵੀ ਘਰ ਪਹੁੰਚਾਉਂਦਾ ਹੈ। ਇਸ ਤਹਿਤ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਪਲੱਬਧ ਕਰਵਾਉਣ ਲਈ ਜ਼ਿਲ੍ਹੇ ਵਿੱਚ 3 ਸੇਵਾ ਸਹਾਇਕ ਨਿਯੁਕਤ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ, ਆਮਦਨ ਸਰਟੀਫਿਕੇਟ, ਜ਼ਮ੍ਹਾਂਬੰਦੀ ਕਢਵਾਉਣ ਸਬੰਧੀ, ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਐਸ.ਸੀ., ਬੀ.ਸੀ. ਸਰਟੀਫਿਕੇਟ ਆਦਿ ਵਰਗੀਆਂ ਕੁੱਲ 43 ਸੇਵਾਵਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਸੇਵਾ ਕੇਂਦਰ ਤੇ ਲੱਗਣ ਵਾਲੀ ਫੀਸ ਤੋਂ ਇਲਾਵਾ 120 ਰੁਪਏ ਦੀ ਪ੍ਰਤੀ ਸਰਵਿਸ ਵਿਜ਼ਿਟ ਫੀਸ ਅਲੱਗ ਤੋਂ ਲਾਗੂ ਹੈ।
ਉਨ੍ਹਾਂ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਡੋਰ ਸਟੈੱਪ ਸਰਵਿਸ ਰਾਹੀਂ 1076 ‘ਤੇ ਕਾਲ ਕਰਕੇ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ।