ਮਾਣਯੋਗ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਟੋਭਿਆਂ 'ਤੇ ਕੀਤੇ ਨਜਾਇਜ਼ ਕਬਜ਼ੇ ਹਟਾਉਣ ਲਈ ਕੀਤੀ ਕਾਰਵਾਈ-ਕਾਰਜ ਸਾਧਕ ਅਫਸਰ
ਖਮਾਣੋਂ/ ਫ਼ਤਹਿਗੜ੍ਹ ਸਾਹਿਬ, 17 ਜਨਵਰੀ:
ਖਮਾਣੋਂ ਕਲਾਂ ਵਿਖੇ ਦੋ ਟੋਭਿਆਂ ਦੇ ਕੀਤੇ ਨਜਾਇਜ਼ ਕਬਜ਼ਿਆਂ ਨੂੰ ਹਟਵਾਉਣ ਸਬੰਧੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਇੱਕ ਜਨਹਿੱਤ ਪਟੀਸ਼ਨ ਸਬੰਧੀ ਦਿੱਤੇ ਗਏ ਆਦੇਸ਼ਾਂ ਅਨੁਸਾਰ ਹੀ ਕਾਰਵਾਈ ਕੀਤੀ ਗਈ ਹੈ। ਇਹ ਜਾਣਕਾਰੀ ਨਗਰ ਪੰਚਾਇਤ, ਖਮਾਣੋਂ ਦੇ ਕਾਰਜ ਸਾਧਕ ਅਫਸਰ ਸ. ਸੁਖਦੇਵ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਵੱਲੋਂ ਵਧੀਕ ਮੁੱਖ ਸਕੱਤਰ, ਸਥਾਨਕ ਸਰਕਾਰਾਂ ਨੂੰ ਟੋਭਿਆਂ 'ਤੇ ਕੀਤੇ ਗਏ ਨਜਾਇਜ਼ ਕਬਜ਼ੇ ਨੂੰ ਹਟਵਾ ਕੇ ਰਿਪੋਰਟ ਦੇਣ ਸਬੰਧੀ ਆਦੇਸ਼ ਦਿੱਤੇ ਗਏ ਸਨ, ਜਿਸ ਅਨੁਸਾਰ ਇਹ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਣਯੋਗ ਕੋਰਟ ਵੱਲੋਂ 21 ਜਨਵਰੀ ਨੂੰ ਸਟੇਟਸ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ ਜਿਸ ਕਾਰਨ ਨਗਰ ਕੌਂਸਲ ਵੱਲੋਂ ਕਾਰਵਾਈ ਕੀਤੀ ਗਈ।
ਕਾਰਜ ਸਾਧਕ ਅਫਸਰ ਨੇ ਕਿਹਾ ਕਿ ਸਰਕਾਰੀ ਜ਼ਮੀਨਾਂ 'ਤੇ ਕੀਤੇ ਗਏ ਨਜਾਇਜ਼ ਕਬਜ਼ੇ ਹਟਵਾਉਣ ਸਬੰਧੀ ਨਗਰ ਪੰਚਾਇਤ ਵੱਲੋਂ ਸਮੇਂ-ਸਮੇਂ ਸਿਰ ਬਣਦੀ ਕਾਰਵਾਈ ਕੀਤੀ ਜਾਂਦੀ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਜ਼ਮੀਨਾਂ 'ਤੇ ਗੈਰ ਕਾਨੂੰਨੀ ਕਬਜ਼ੇ ਨਾ ਕਰਨ ਤਾਂ ਜੋ ਵਿਭਾਗ ਨੂੰ ਅਜਿਹੀ ਕਾਰਵਾਈ ਲਈ ਮਜਬੂਰ ਨਾ ਹੋਣਾ ਪਵੇ।