ਜਿਲ੍ਹੇ ਦੇ ਪ੍ਰਾਈਵੇਟ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ- ਵਧੀਕਡਿਪਟੀ ਕਮਿਸ਼ਨਰ
ਮੋਗਾ, 9 ਜਨਵਰੀ,
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪ੍ਰਾਈਵੇਟ ਸੰਸਥਾਵਾਂ ਜੋ ਕਿ ਅਰਲੀ ਚਾਈਡਵਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਤਹਿਤ ਜਿਲ੍ਹੇ ਵਿੱਚ ਪੈਂਦੇ ਸਮੂਹ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਤੇ ਪ੍ਰਾਈਵੇਟ ਪਲੇਅ ਵੇਅ ਸਕੂਲਾਂ ਦੀ ਰਜਿਸਟੇਸ਼ਨ ਲਾਜਮੀ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ ਬੱਚਿਆ ਲਈ ਈ.ਸੀ.ਸੀ.ਈ. (ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ) ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ। ਇਸ ਰਜਿਸਟ੍ਰੇਸ਼ਨ ਸਬੰਧੀ ਜਿਲ੍ਹਾ ਪ੍ਰੋਗਰਾਮ ਅਫਸਰ/ਸਬੰਧਿਤ ਬਲਾਕ ਦੇ ਸੀ.ਡੀ.ਪੀ.ਓ. ਦਫਤਰ ਨਾਲ ਰਾਬਤਾ ਕਾਇਮ ਕਰਕੇ ਫਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ।
ਉਹਨਾਂ ਦੱਸਿਆ ਕਿ ਇਸ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਜਿਲ੍ਹਾ ਪ੍ਰੋਗਰਾਮ ਅਫਸਰ ਜਾਂ ਸਬੰਧਿਤ ਸੀ.ਡੀ.ਪੀ.ਓ. ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਹੇ ਹਰੇਕ ਪਲੇਅ ਵੇਅ ਸਕੂਲ ਨੂੰ ਰਜਿਸਟਰ ਕਰਵਾਉਣਾ ਲਾਜਮੀ ਹੈ। ਇਸ ਉਪਰੰਤ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜਿਲ੍ਹੇ ਵਿੱਚ ਪੈਂਦੇ ਸਾਰੇ ਪ੍ਰਾਈਵੇਟ ਸਕੂਲਾਂ/ਸੰਸਥਾਵਾਂ/ਪਲੇਅ ਵੇਅ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਕੋਈ ਪ੍ਰਾਈਵੇਟ ਸਕੂਲ, ਸੰਸਥਾ ਜਾਂ ਪਲੇਅ ਵੇਅ ਸਕੂਲ ਪਾਲਿਸੀ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਨਗੇ ਤਾਂ ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਹੋਵੇਗੀ।