ਸੜਕ ਸੁਰੱਖਿਆ ਮਹੀਨਾ: ਸੜਕ ਸੁਰੱਖਿਆ ਨੂੰ ਹਮੇਸ਼ਾ ਤਰਜ਼ੀਹ ਦਿੱਤੀ ਜਾਵੇ: ਡਿਪਟੀ ਕਮਿਸ਼ਨਰ

ਸੜਕ ਸੁਰੱਖਿਆ ਮਹੀਨਾ: ਸੜਕ ਸੁਰੱਖਿਆ ਨੂੰ ਹਮੇਸ਼ਾ ਤਰਜ਼ੀਹ ਦਿੱਤੀ ਜਾਵੇ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 16 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਸੜਕ ਸੁਰੱਖਿਆ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਲੋਕਾਂ ਨੂੰ ਸੰਦੇਸ਼ ਦਿੱਤਾ ਕਿ ਹਾਦਸਿਆਂ ਦੀ ਰੋਕਥਾਮ ਲਈ ਸੜਕ ਸੁਰੱਖਿਆ ਨੂੰ ਹਮੇਸ਼ਾ ਤਰਜ਼ੀਹ ਦਿੱਤੀ ਜਾਵੇ।

ਸੜਕ ਸੁਰੱਖਿਆ ਮਹੀਨਾ ਸਬੰਧੀ ਕੀਤੀ ਮੀਟਿੰਗ ਦੌਰਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਆਵਾਜਾਈ ਦੌਰਾਨ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਮੁਕੰਮਲ ਪਾਲਣਾ ਨਾਲ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ ਜਿਸ ਲਈ ਲੋਕਾਂ ਦਾ ਸਹਿਯੋਗ ਅਤੇ ਨਿਯਮਾਂ ਦੀ ਪਾਲਣਾ ਅਤਿ ਅਹਿਮ ਹੈ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਬਾਰੇ ਸਾਰਿਆਂ ਨੂੰ ਜਾਗਰੂਕ ਅਤੇ ਸਿੱਖਿਅਤ ਹੋਣਾ ਚਾਹੀਦਾ ਹੈ ਤਾਂ ਜੋ ਸੜਕੀ ਆਵਾਜਾਈ ਪੂਰੀ ਤਰ੍ਹਾਂ ਸੁਰੱਖਿਅਤ ਰਹੇ। ਉਨ੍ਹਾਂ ਕਿਹਾ ਕਿ ਜਨਵਰੀ 2025 ਨੂੰ ਸੜਕ ਸੁਰੱਖਿਆ ਮਹੀਨੇ ਵਜੋਂ ਮਨਾਉਣ ਦੀ ਯੋਜਨਾ ਤਿਆਰ ਕੀਤੀ ਗਈ ਹੈ ਜਿਸ ਤਹਿਤ ਸੜਕੀ ਹਾਦਸਿਆਂ ਨੂੰ ਰੋਕਣ ਲਈ ਸੜਕ ਸੁਰੱਖਿਆ ਨੂੰ ਲੋਕ ਲਹਿਰ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਜਾਵੇਗਾ।

        ਡਿਪਟੀ ਕਮਿਸ਼ਨਰ ਨੇ ਮੌਜੂਦ ਐਨ.ਜੀ.ਓਜ਼, ਪੁਲਿਸ ਅਤੇ ਆਰ.ਟੀ.ਓ ਨੂੰ ਸਕੂਲਾਂ, ਕਾਲਜਾਂ, ਬਾਜਾਰਾਂ ਅਤੇ ਜਨਤਕ ਥਾਵਾਂ ’ਤੇ ਸੜਕ ਸੁਰੱਖਿਆ ਸਬੰਧੀ ਰੈਲੀ ਅਤੇ ਸੈਮੀਨਾਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ‘ਮਾਈ ਭਾਰਤ ਪੋਰਟਲ’ ’ਤੇ ਨੌਜਵਾਨਾਂ ਨੂੰ ਸੜਕ ਸੁਰੱਖਿਆ ਪ੍ਰਤੀਯੋਗਤਾਵਾਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕਰਨ ਲਈ ਕਿਹਾ ਜਿਸ ਲਈ ਸਕੂਲਾਂ ਅਤੇ ਕਾਲਜਾਂ ਵਿਚ ਸੜਕ ਸੁਰੱਖਿਆ ਸਹੁੰ, ਵਰਕਸ਼ਾਪਾਂ ਅਤੇ ਨੁਕੜ ਨਾਟਕ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੋਟਰ ਵਹੀਕਲ ਐਕਟ ਦਾ ਜ਼ਮੀਨੀ ਪੱਧਰ ’ਤੇ  ਪਾਲਣਾ ਯਕੀਨੀ ਬਣਾਈ ਜਾਵੇ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ।

        ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ, ਐਂਮਰਜੈਂਸੀ ਸੰਭਾਲ, ‘ਗੁਡ ਸਮੈਰਿਟਨਸ’ ਦੇ ਨਿਯਮਾਂ ਪ੍ਰਤੀ ਵੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ।ਉਨ੍ਹਾਂ ਕਿਹਾ ਕਿ ਸੜਕ ਕਿਨਾਰੇ ਲੱਗੇ ਘਾਹ-ਬੂਟੀ ਨੂੰ ਸਾਫ ਕਰਵਾਇਆ ਜਾਵੇ ਤਾਂ ਜੋ ਸੜਕ ’ਤੇ ਬਣੀ ਸਫੇਟ ਪੱਟੀ ਵਾਹਨ ਚਾਲਕਾਂ ਨੂੰ ਸਾਫ ਦਿਖਾਈ ਦੇਵੇ। ਉਨ੍ਹਾਂ ਕਿਹਾ ਕਿ ਹਰ ਵਾਹਨ ’ਤੇ ਰਿਫਲੈਕਟਰ ਲੱਗਾ ਹੋਣਾ ਜ਼ਰੂਰੀ ਹੈ ਕਿਉਂਕਿ ਵਾਹਨਾਂ ’ਤੇ ਰਿਫਲੈਕਟਰ ਨਾ ਹੋਣ ਕਾਰਨ ਹਨੇਰੇ ਅਤੇ ਧੁੰਦ ਵਿਚ ਹਾਦਸੇ ਹੋ ਜਾਂਦੇ ਹਨ। ਉਨ੍ਹਾਂ ਰਿਜਨਲ ਟਰਾਂਸਪੋਰਟ ਅਥਾਰਟੀ ਅਤੇ ਟ੍ਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਕਿ ਉਹ ਵਾਹਨਾਂ ’ਤੇ ਰਿਫਲੈਕਟਰ ਲਗਾਉਣ ਦੇ ਕੰਮਾਂ ਨੂੰ ਮਹਿੰਮ ਦੇ ਰੂਪ ਵਿਚ ਲਿਆਉਣ ਅਤੇ ਲੋਕਾਂ ਵਿਚ ਟ੍ਰੈਫਿਕ ਨਿਯਮਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ, ਐਸ.ਡੀ.ਐਮ ਸੰਜੀਵ ਸ਼ਰਮਾ ਤੋਂ ਇਲਾਵਾ ਸਿਵਲ ਅਤੇ ਪੁਲਿਸ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Tags:

Advertisement

Latest News