ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ
ਚੰਡੀਗੜ੍ਹ, 17 ਜਨਵਰੀ:
ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਦੇਰ ਸ਼ਾਮ ਤੱਕ ਇਨਵੈਸਟ ਪੰਜਾਬ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਇਹ ਮੀਟਿੰਗ ਉਦਯੋਗ ਭਵਨ ਵਿਖੇ ਲਗਭਗ 3 ਘੰਟੇ ਚੱਲੀ। ਇਸ ਮੌਕੇ ਸੌਂਦ ਨੇ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮਕਸਦ ਪੰਜਾਬ ‘ਚ ਉਦਯੋਗਿਕ ਨਿਵੇਸ਼ ਵਧਾਉਣਾ ਹੈ ਅਤੇ ਜਦੋਂ ਤੱਕ ਵਪਾਰੀਆਂ ਤੇ ਸਨਅਤਕਾਰਾਂ ਨੂੰ ਉਦਯੋਗਿਕ ਖੇਤਰਾਂ ਤੇ ਫੋਕਲ ਪੁਆਇੰਟਾਂ ਵਿੱਚ ਉੱਚ ਪੱਧਰੀ ਸਹੂਲਤਾਂ ਤੇ ਸੁਵਿਧਾਵਾਂ ਨਹੀਂ ਮਿਲਦੀਆਂ ਉਦੋਂ ਤੱਕ ਟੀਚੇ ਪੂਰੇ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਕਿਹਾ ਕਿ ਜਿੰਨੀ ਜਲਦੀ ਹੋ ਸਕੇ ਪੰਜਾਬ ਦੇ ਸਾਰੇ ਫੋਕਲ ਪੁਆਇੰਟ ਸਾਰੀਆਂ ਸਹੂਲਤਾਂ ਨਾਲ ਲੈਸ ਹੋਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਬਹੁਤ ਸਾਰੇ ਨਿਵੇਸ਼ਕ ਪੰਜਾਬ ਵਿੱਚ ਨਵੇਂ ਉਦਯੋਗ ਸਥਾਪਿਤ ਕਰਨ ਵਿੱਚ ਰੁਚੀ ਵਿਖਾ ਰਹੇ ਹਨ ਪਰ ਕੁਝ ਵਿਭਾਗਾਂ ਵਿੱਚ ਉਨ੍ਹਾਂ ਨੂੰ ਪ੍ਰਵਾਨਗੀਆਂ ਲੈਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੌਂਦ ਨੇ ਨਿਰਦੇਸ਼ ਦਿੱਤੇ ਕਿ ਜ਼ਮੀਨ ਪ੍ਰਾਪਤ ਕਰਨ ਤੋਂ ਲੈ ਕੇ, ਆਨਲਾਈਨ ਪ੍ਰਵਾਨਗੀਆਂ ਲੈਣ ਤੱਕ ਅਤੇ ਕਿਸੇ ਵੀ ਉਦਯੋਗ ਦੀ ਸਥਾਪਤੀ ਤੱਕ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਅਜਿਹੇ ਨਿਵੇਸ਼ਕਾਂ ਦੀ ਮਦਦ ਕਰਨ ਅਤੇ ਜੇਕਰ ਕਿਸੇ ਪੱਧਰ ਉੱਤੇ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੱਸ ਕੇ ਅਜਿਹੇ ਮਸਲੇ ਹੱਲ ਕੀਤੇ ਜਾ ਸਕਣ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਨਾਲ ਲੱਗਦਾ ਪੰਜਾਬ ਦਾ ਖੇਤਰ ਬਹੁਤ ਰਮਣੀਕ ਅਤੇ ਖੂਬਸੂਰਤ ਹੈ ਜਿਸ ਨੂੰ ਕਿ ਸੈਰ ਸਪਾਟੇ ਲਈ ਵਿਕਸਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਇਸ ਮਕਸਦ ਲਈ ਕੋਈ ਉਚਿਤ ਯੋਜਨਾ ਤਿਆਰ ਕਰਨ ਦੀ ਵੀ ਹਦਾਇਤ ਕੀਤੀ ਹੈ।
ਜ਼ਿਕਰਯੋਗ ਹੈ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਵੱਖ-ਵੱਖ ਵਿਭਾਗਾਂ ‘ਚ ਬਿਹਤਰ ਤਾਲਮੇਲ ਬਣਾਉਣਾ ਸੀ ਤਾਂ ਜੋ ਸਨਅਤਕਾਰਾਂ ਨੂੰ ਹਰ ਤਰ੍ਹਾਂ ਦੀਆਂ ਪ੍ਰਵਾਨਗੀਆਂ ਲੈਣ ਲਈ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ। ਮੀਟਿੰਗ ਵਿਚ ਉਦਯੋਗ, ਇਨਵੈਸਟ ਪੰਜਾਬ, ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਆਦਿ ਵਿਭਾਗਾਂ ਦੇ ਉੱਚ ਅਧਿਕਾਰੀਆਂ ਹਾਜ਼ਰ ਸਨ।
ਉਦਯੋਗ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਾਰੀ ਟੀਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਭਰਪੂਰ ਯਤਨ ਕਰ ਰਹੀ ਹੈ ਅਤੇ ਬਹੁਤ ਸਾਰੇ ਸਨਅਤੀ ਘਰਾਣੇ ਪੰਜਾਬ ‘ਚ ਨਿਵੇਸ਼ ਲਈ ਦਿਲਚਸਪੀ ਦਿਖਾ ਰਹੇ ਹਨ। ਸੌਂਦ ਨੇ ਕਿਹਾ ਕਿ ਕੁਝ ਮਾਮਲੇ ਉਨ੍ਹਾਂ ਦੇ ਧਿਆਨ ਵਿਚ ਆਏ ਹਨ, ਜਿੱਥੇ ਨਵੇਂ ਉਦਯੋਗਾਂ ਦੀ ਸਥਾਪਤੀ ਲਈ ਜ਼ਮੀਨ ਦੇਣ ਦੀ ਪ੍ਰਕਿਰਿਆ ਵਿਚ ਕੁਝ ਰੁਕਾਵਟਾਂ ਆ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬ ‘ਚ ਉਦਯੋਗਿਕ ਨਿਵੇਸ਼ ਕਰਨ ਵਾਲੇ ਕਿਸੇ ਵੀ ਸਨਅਤਕਾਰ ਨੂੰ ਕੋਈ ਵੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਇਨਵੈਸਟ ਪੰਜਾਬ ਦੇ ਅਧਿਕਾਰੀਆਂ ਨੂੰ ਸਾਰੇ ਸਬੰਧਤ ਵਿਭਾਗਾਂ ਨਾਲ ਸੁਚਾਰੂ ਤਾਲਮੇਲ ਰੱਖਣ ਲਈ ਕਿਹਾ।
ਸੌਂਦ ਨੇ ਕਿਹਾ ਕਿ ਨਵੇਂ ਨਿਵੇਸ਼ ਨਾਲ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਮਿਲੇਗਾ ਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ, ਇਸ ਲਈ ਨਵੀਆਂ ਸਨਅਤਾਂ ਦੀ ਸਥਾਪਤੀ ਲਈ ਜ਼ਮੀਨ ਲੈਣ ਤੋਂ ਲੈ ਕੇ ਹਰ ਤਰ੍ਹਾਂ ਦੀਆਂ ਪ੍ਰਵਾਨਗੀਆਂ ਅਧਿਕਾਰੀ ਸੁਚਾਰੂ ਅਤੇ ਖੱਜਲ-ਖੁਆਰੀ ਮੁਕਤ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਕਿਸੇ ਵੀ ਪ੍ਰੋਜੈਕਟ ਵਿੱਚ ਅੜਿੱਕਾ ਪਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਮੀਟਿੰਗ ਵਿੱਚ ਚੇਅਰਮੈਨ ਦਲਬੀਰ ਸਿੰਘ ਢਿੱਲੋਂ, ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਉਦਯੋਗ ਵਿਭਾਗ, ਇਨਵੈਸਟ ਪੰਜਾਬ ਦੇ ਸੀਈਓ ਡੀਪੀਐਸ ਖਰਬੰਦਾ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਤੇ ਡਾਇਰੈਕਟਰ ਪਰਮਜੀਤ ਸਿੰਘ ਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।