ਸਕੱਤਰ ਅਤੇ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਨੇ ਸੇਵਾ ਕੇਂਦਰ ਮੋਹਾਲੀ ਦਾ ਦੌਰਾ ਕੀਤਾ
ਐਸ.ਏ.ਐਸ.ਨਗਰ, 25 ਸਤੰਬਰ, 2024:
ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦਸੰਬਰ ਵਿੱਚ ਸੂਬੇ ਭਰ ਵਿੱਚ ਸ਼ੁਰੂ ਕੀਤੀਆਂ 43 ਨਾਗਰਿਕ ਸੇਵਾਵਾਂ ਦੀ ‘ਡੋਰ ਸਟੈਪ ਡਿਲੀਵਰੀ’ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦਾ ਜਾਇਜ਼ਾ ਲੈਣ ਲਈ, ਪ੍ਰਮੁੱਖ ਸਕੱਤਰ, ਪ੍ਰਸ਼ਾਸਨਿਕ ਸੁਧਾਰ ਵਿਭਾਗ, ਅਜੇ ਸ਼ਰਮਾ ਨੇ ਵਿਭਾਗ ਦੇ ਡਾਇਰੈਕਟਰ, ਗਿਰੀਸ਼ ਦਿਆਲਨ ਦੇ ਨਾਲ ਅੱਜ ਸਥਾਨਕ ਸੇਵਾ ਕੇਂਦਰ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਉੱਥੇ ਵੱਖ-ਵੱਖ ਸੇਵਾਵਾਂ ਪ੍ਰਾਪਤ ਕਰਨ ਲਈ ਆਏ ਹੋਏ ਲੋਕਾਂ ਦੀ ਫੀਡਬੈਕ ਵੀ ਜਾਣੀ।
ਪ੍ਰਮੁੱਖ ਸਕੱਤਰ ਸ਼ਰਮਾ ਨੇ ਉੱਥੇ ਬੈਠੇ ਲੋਕਾਂ ਤੋਂ ਡਾਇਲ 1076 (ਡੋਰ ਸਟੈਪ ਡਿਲੀਵਰੀ ਸਰਵਿਸਿਜ਼) ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਇਸ ਸਕੀਮ ਦਾ ਬਿਨਾਂ ਕਿਸੇ ਸਰਕਾਰੀ ਦਫ਼ਤਰ ਜਾਇਆਂ, ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਬਿਨੈਕਾਰ ਨੂੰ ਟੋਲ-ਫ੍ਰੀ ਨੰਬਰ 1076 ’ਤੇ ਡਾਇਲ ਕਰਨਾ ਪੈਂਦਾ ਹੈ ਤਾਂ ਜੋ ਉਹ ਸੇਵਾ ਪ੍ਰਾਪਤ ਕਰਨ ਲਈ ਸਲਾਟ ਬੁੱਕ ਕਰ ਸਕੇ ਜਿਸਦੀ ਕਿ ਉਸਨੂੰ 43 ਸੇਵਾਵਾਂ ਦੀ ਸੂਚੀ ’ਚੋਂ ਲੋੜ ਹੈ।
ਡਾਇਲ 1076 ਦੇ ਦਾਇਰੇ ਵਿੱਚ ਆਉਣ ਵਾਲੀਆਂ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ।।
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਪ੍ਰਮੁੱਖ ਸਕੱਤਰ ਨੂੰ ਡਾਇਲ 1076 (ਡੋਰ ਸਟੈਪ ਡਿਲੀਵਰੀ) ਤਹਿਤ ਜ਼ਿਲ੍ਹੇ ’ਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਹਰ ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਲਗਾਏ ਜਾ ਰਹੇ ਕੈਂਪਾਂ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਡਾਇਲ 1076 ਤਹਿਤ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।
ਦੋਵਾਂ ਸੀਨੀਅਰ ਅਧਿਕਾਰੀਆਂ ਨੇ ਡੋਰ ਸਟੈਪ ਡਿਲੀਵਰੀ ਦੀ ਪ੍ਰਗਤੀ ਅਤੇ ਸੇਵਾ ਕੇਂਦਰਾਂ ਤੋਂ ਮੰਗੀਆਂ ਗਈਆਂ ਸੇਵਾਵਾਂ ਦੇ ਨਿਪਟਾਰੇ ਦੀ ਦਰ ਦਾ ਵਿਸਥਾਰ ਨਾਲ ਜਾਇਜ਼ਾ ਲਿਆ।
ਦੌਰੇ ਦੌਰਾਨ ਹਾਜ਼ਰ ਹੋਰਨਾਂ ਅਧਿਕਾਰੀਆਂ ਵਿੱਚ ਐਸ ਡੀ ਐਮ ਮੁਹਾਲੀ ਦਮਨਦੀਪ ਕੌਰ ਅਤੇ ਮੁੱਖ ਮੰਤਰੀ ਫੀਲਡ ਅਫਸਰ ਦੀਪਾਂਕਰ ਗਰਗ ਵੀ ਸ਼ਾਮਲ ਸਨ।