ਖੇਡਾਂ ਅਤੇ ਖਿਡਾਰੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਉੱਦਮ ਕਾਬਿਲੇਤਾਰੀਫ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 3 ਅਕਤੂਬਰ:
ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੇਡਾਂ ਅਤੇ ਖਿਡਾਰੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਯਤਨਾਂ ਦੀ ਭਰਪੂਰ ਪ੍ਰਸੰਸਾ ਕੀਤੀ ਹੈ।
ਇੱਥੋਂ ਦੇ ਸੈਕਟਰ 42 ਵਿਚਲੇ ਹਾਕੀ ਸਟੇਡੀਅਮ ਵਿੱਚ ਸਬ ਜੂਨੀਅਰ ਹਾਕੀ ਨੈਸ਼ਨਲ ਚੈਂਪੀਅਨਸ਼ਿਪ ਦੇ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਦਿਆਂ ਸੌਂਦ ਨੇ ਕਿਹਾ ਕਿ ਬਾਕੀ ਖੇਡਾਂ ਦੇ ਨਾਲ ਨਾਲ ਪੰਜਾਬ ਸਰਕਾਰ ਕੌਮੀ ਖੇਡ ਹਾਕੀ ਲਈ ਖਾਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਪੰਜਾਬ ਦੇ 11 ਨਾਮੀਂ ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀ ਨੌਕਰੀ ਦਿੱਤੀ ਗਈ ਹੈ। ਇਨ੍ਹਾਂ ਵਿਚ ਹਾਕੀ ਦੇ ਉਹ ਖਿਡਾਰੀ ਵੀ ਸ਼ਾਮਲ ਹਨ ਜਿਨ੍ਹਾਂ ਨੇ ਪਿਛਲੇ ਦਿਨੀਂ ਖਤਮ ਹੋਈ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਗੋਲਡ ਅਤੇ ਓਲੰਪਿਕ ਖੇਡਾਂ ਵਿਚ ਕਾਂਸੀ ਦਾ ਮੈਡਲ ਜਿੱਤਿਆ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਨੇ 2023 ਵਿਚ ਨਵੀਂ ਖੇਡ ਨੀਤੀ ਬਣਾਈ ਸੀ, ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਤੋਂ ਪਹਿਲਾਂ ਤਿਆਰੀ ਵਾਸਤੇ ਨਗਦ ਰਾਸ਼ੀ ਦਿੱਤੀ ਜਾਂਦੀ ਹੈ ਅਤੇ ਪੰਜਾਬ ਸਰਕਾਰ ਤਗਮਾ ਜੇਤੂ ਖਿਡਾਰੀਆਂ ਨੂੰ ਵੀ ਨਗਦ ਰਾਸ਼ੀ ਨਾਲ ਸਨਮਾਨਿਤ ਕਰਦੀ ਹੈ।
ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੈਰਿਸ ਓਲੰਪਿਕਸ ਦੇ 19 ਪੰਜਾਬੀ ਖਿਡਾਰੀਆਂ ਨੂੰ ਪਿਛਲੇ ਦਿਨੀਂ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੁੱਲ 12.50 ਕਰੋੜ ਰੁਪਏ ਦੀ ਰਾਸ਼ੀ ਵੰਡੀ ਹੈ। ਇਨ੍ਹਾਂ ਵਿੱਚ 10 ਖਿਡਾਰੀ ਭਾਰਤੀ ਹਾਕੀ ਟੀਮ ਦੇ ਮੈਂਬਰ ਸਨ ਜਿਨ੍ਹਾਂ ਨੇ ਕਾਂਸੀ ਦਾ ਮੈਡਲ ਜਿੱਤਿਆ ਸੀ।
ਇਸ ਤੋਂ ਇਲਾਵਾ ਮਾਨ ਸਰਕਾਰ ਨੇ ਏਸ਼ੀਅਨ ਗੇਮਜ਼ ਦੇ ਮੈਡਲ ਜੇਤੂ 32 ਪੰਜਾਬੀ ਖਿਡਾਰੀਆਂ ਨੂੰ 29 ਕਰੋੜ 25 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ ਸੀ। ਨੈਸ਼ਨਲ ਗੇਮਜ਼ ਵਿੱਚ ਮੈਡਲ ਜਿੱਤਣ ਵਾਲੇ ਪੰਜਾਬ ਦੇ 136 ਖਿਡਾਰੀਆਂ ਨੂੰ ਵੀ 4 ਕਰੋੜ 58 ਲੱਖ ਰੁਪਏ ਦੀ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਪਿਛਲੇ ਢਾਈ ਸਾਲ ਦੌਰਾਨ ਮੌਜੂਦਾ ਸਰਕਾਰ ਕਰੀਬ 88 ਕਰੋੜ ਰੁਪਏ ਦੀ ਇਨਾਮ ਰਾਸ਼ੀ ਖਿਡਾਰੀਆਂ ਨੂੰ ਵੰਡ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਕੌਮਾਂਤਰੀ ਪੱਧਰ ਦੇ ਹੋਰ ਖਿਡਾਰੀ ਪੈਦਾ ਕਰਨ ਲਈ ਸੂਬੇ 'ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਹੇਠਲੇ ਪੱਧਰ ਤੋਂ ਖਿਡਾਰੀ ਪੈਦਾ ਕਰਨ ਲਈ ਹਰੇਕ ਸਾਲ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਸਮੇਂ ਤੀਜਾ ਸੀਜ਼ਨ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਸੀਜ਼ਨ ਵਿੱਚ ਸਾਢੇ ਚਾਰ ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਸੀ। ਕਰੀਬ 11000 ਜੇਤੂ ਖਿਡਾਰੀਆਂ ਨੂੰ 8.69 ਕਰੋੜ ਰੁਪਏ ਆਨਲਾਈਨ ਟਰਾਂਸਫਰ ਕੀਤੇ ਗਏ ਸਨ।
ਸੌਂਦ ਨੇ ਪੰਜਾਬ ਦੇ ਮੁੰਡੇ ਕੁੜੀਆਂ ਨੂੰ ਵੱਧ ਚੜ੍ਹ ਕੇ ਖੇਡਾਂ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ।