ਮੁੱਖ ਮੰਤਰੀ ਵੱਲੋਂ ਪਦ-ਉਨਤ ਹੋਏ ਪੀ.ਪੀ.ਐਸ. ਅਧਿਕਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ
By Azad Soch
On

ਚੰਡੀਗੜ੍ਹ, 9 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸ (ਪੀ.ਪੀ.ਐਸ.) ਦੇ ਨਵੇਂ ਪਦ-ਉਨਤ ਹੋਏ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਮਿਟਾਉਣ ਲਈ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ।
ਤਕਨੀਕੀ ਕਾਡਰ ਦੇ 17 ਨਵੇਂ ਪਦਉਨਤ ਹੋਏ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀਜ਼) ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਜੰਗ ਲੜ ਰਿਹਾ ਹੈ ਅਤੇ ਪੁਲਿਸ ਇਸ ਵਿੱਚ ਅਹਿਮ ਰੋਲ ਅਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਿੱਚ ਪੁਲਿਸ ਅਧਿਕਾਰੀਆਂ ਦੀ ਬਹੁਤ ਵੱਡੀ ਭੂਮਿਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਬੁਨਿਆਦੀ ਢਾਂਚੇ ਦੀਆਂ ਸਭ ਤੋਂ ਵਧੀਆ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸ ਨੂੰ ਵਿਗਿਆਨਕ ਲੀਹਾਂ 'ਤੇ ਆਧੁਨਿਕ ਬਣਾ ਰਹੀ ਹੈ ਤਾਂ ਜੋ ਕਾਨੂੰਨ ਵਿਵਸਥਾ ਨੂੰ ਕਾਰਗਰ ਢੰਗ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਸੂਬੇ ਦੀਆਂ ਦੁਸ਼ਮਣ ਤਾਕਤਾਂ ਸ਼ਾਂਤੀ ਭੰਗ ਕਰਨ ਦੇ ਮਨਸੂਬੇ ਘੜ ਰਹੀਆਂ ਹਨ ਅਤੇ ਇਨ੍ਹਾਂ ਚੁਣੌਤੀਆਂ ਨਾਲ ਨਿਪਟਣ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਮੌਜੂਦਾ ਸਮੇਂ ਅਨੁਸਾਰ ਅਪਡੇਟ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਤਰੱਕੀ ਪ੍ਰਾਪਤ ਕਰਨ ਵਾਲੇ ਅਧਿਕਾਰੀ ਪੰਜਾਬ ਪੁਲਿਸ ਦੀ ਪੇਸ਼ੇਵਰ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਣਗੇ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਸਮਰਪਿਤ ਹੋ ਕੇ ਕੰਮ ਕਰਨ ਲਈ ਵੀ ਆਖਿਆ। ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਪਦ-ਉਨਤ ਹੋਏ ਅਧਿਕਾਰੀ ਸਮਾਜ ਦੇ ਲੋੜਵੰਦ ਤੇ ਪਛੜੇ ਵਰਗਾਂ ਦੀ ਮਦਦ ਲਈ ਆਪਣੇ ਅਹੁਦੇ ਦੀ ਵਰਤੋਂ ਕਰਨਗੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਜਨਤਾ ਦੀ ਵੱਧ ਤੋਂ ਵੱਧ ਭਲਾਈ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।
Tags:
Related Posts
Latest News

11 May 2025 13:27:43
New Delhi,11,MAY,2025,(Azad Soch News):- Oppo Find X8 Ultra ਲਾਂਚ ਕਰਨ ਤੋਂ ਬਾਅਦ, ਕੰਪਨੀ ਹੁਣ ਆਪਣੀ ਨਵੀਂ ਸੀਰੀਜ਼ Oppo Find X9...