ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

ਚੰਡੀਗੜ੍ਹ, 1 ਅਪ੍ਰੈਲ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦਿਆਂ ਆਪਣੇ 36 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ।
  ਅੱਜ ਇੱਥੇ 700 ਤੋਂ ਵੱਧ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਇਤਿਹਾਸਕ ਮੌਕੇ ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਹ ਨੌਕਰੀ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਸਮਰਪਿਤ ਭਾਵਨਾ ਦਾ ਫਲ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਹੋ ਚੁੱਕੀ ਹੈ ਕਿਉਂਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਕਾਇਆਕਲਪ ਕੀਤੀ ਜਾ ਰਹੀ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ’ਤੇ ਸਭ ਤੋਂ ਵੱਧ ਜ਼ੋਰ ਦਿੱਤਾ ਜਾ ਰਿਹਾ ਹੈ ਜਿਸ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਦੁਹਰਾਇਆ ਕਿ ਸੂਬਾ ਸਰਕਾਰ ਵਿਭਾਗ ਵਿੱਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਲਈ ਢੁਕਵੀਂ ਵਿਧੀ ਅਪਣਾਈ ਗਈ ਹੈ ਜਿਸ ਕਰਕੇ ਹੁਣ ਤੱਕ 55,000 ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਪਰ ਇਕ ਵੀ ਨੌਕਰੀ ਨੂੰ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸਾਰੇ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ਉਤੇ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਨਾਲ ਸਰਕਾਰ ਪ੍ਰਤੀ ਨੌਜਵਾਨਾਂ ਦੀ ਭਰੋਸੇਯੋਗਤਾ ਵਧੀ ਹੈ ਜਿਸ ਕਰਕੇ ਹੁਣ ਉਹ ਵਿਦੇਸ਼ ਜਾਣ ਦਾ ਵਿਚਾਰ ਤਿਆਗ ਕੇ ਸਰਕਾਰੀ ਨੌਕਰੀ ਲਈ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ 'ਤੇ ਹੈ ਕਿ ਵਿਦੇਸ਼ ਜਾਣ ਦੇ ਪੁਰਾਣੇ ਰੁਝਾਨ ਦੇ ਉਲਟ ਸੂਬੇ ਦੇ ਵਿਦਿਅਕ ਅਦਾਰਿਆਂ ਵਿੱਚ ਨੌਜਵਾਨਾਂ ਦੇ ਦਾਖਲਿਆਂ ਵਿੱਚ ਭਾਰੀ ਵਾਧਾ ਹੋ ਰਿਹਾ ਹੈ।
ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਲੰਬੇ ਸ਼ਾਸਨ ਦੌਰਾਨ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਕਰ ਦਿੱਤਾ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਤੋਂ ਇਨਕਾਰ ਕੀਤਾ ਸੀ, ਉਨ੍ਹਾਂ ਨੂੰ ਸੂਬੇ ਦੇ ਲੋਕਾਂ ਨੇ ਬਾਹਰ ਦਾ ਰਸਤਾ ਵਿਖਾਇਆ। ਭਗਵੰਤ ਸਿੰਘ ਮਾਨ ਨੇ ਵਿਅੰਗ ਕੱਸਦਿਆਂ ਕਿਹਾ ਕਿ ਇਹ ਬੜੀ ਇਤਫਾਕ ਦੀ ਗੱਲ ਹੈ ਕਿ ਹੁਣ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ ਪਰ ਜਿਨ੍ਹਾਂ ਨੇ ਇਨ੍ਹਾਂ ਦਾ ਭਵਿੱਖ ਬਰਬਾਦ ਕਰ ਦਿੱਤਾ ਹੈ, ਉਹ ਹੁਣ ਬੇਰੁਜ਼ਗਾਰ ਹਨ ਅਤੇ ਸੱਤਾ ਤੋਂ ਬਾਹਰ ਬੈਠੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸ਼ਾਸਕਾਂ ਨੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਵਲੂੰਧਰਿਆ ਅਤੇ ਸੂਬੇ ਵਿੱਚ ਮਾਫੀਏ ਨੂੰ ਸਰਪ੍ਰਸਤੀ ਦੇਣ ਨਾਲ-ਨਾਲ ਖਜ਼ਾਨੇ ਦੀ ਅੰਨ੍ਹੀ ਲੁੱਟ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਦੇ ਕਚਰੇ ਨੂੰ ਸਾਫ਼ ਕਰ ਰਹੀ ਹੈ ਅਤੇ ਹੁਣ ‘ਰੰਗਲਾ ਪੰਜਾਬ’ ਬਣਾਉਣ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਾਰੇ ਖੇਤਰਾਂ ਵਿੱਚ ਪੂਰੀ ਤਰ੍ਹਾਂ ਸੁਧਾਰ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਨੂੰ ਵਿਦੇਸ਼ਾਂ ਅਤੇ ਇੱਥੋਂ ਤੱਕ ਕਿ ਵੱਕਾਰੀ ਕੌਮੀ ਸੰਸਥਾਵਾਂ ਵਿੱਚ ਸਿਖਲਾਈ ਭੇਜ ਰਹੀ ਹੈ ਤਾਂ ਜੋ ਉਨ੍ਹਾਂ ਦੇ ਅਧਿਆਪਨ ਦੇ ਹੁਨਰ ਨੂੰ ਨਿਖਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਖਲਾਈਯਾਫਤਾ ਸਟਾਫ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੀ ਦਰ ਵਧਾਉਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਸਿੱਖਿਆ ਕ੍ਰਾਂਤੀ’ ਦਾ ਮੋਹਰੀ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ 'ਤੇ ਵੱਧ ਜ਼ੋਰ ਦਿੱਤਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਅਧਿਆਪਕ ਅਤੇ ਪ੍ਰਿੰਸੀਪਲ ਸਿਰਫ਼ ਸਿੱਖਿਆ 'ਤੇ ਧਿਆਨ ਕੇਂਦਰਿਤ ਕਰ ਰਹੇ ਹਨ ਕਿਉਂਕਿ ਬਾਕੀ ਸਾਰੇ ਕੰਮਾਂ ਲਈ ਸੂਬਾ ਸਰਕਾਰ ਵੱਲੋਂ ਲੋੜੀਂਦੇ ਸਟਾਫ ਦੀ ਭਰਤੀ ਕੀਤੀ ਗਈ ਹੈ।
ਵਿਦਿਆਰਥੀਆਂ ਨੂੰ ਨਸ਼ਿਆਂ ਦੀ ਸਮੱਸਿਆ ਬਾਰੇ ਜਾਗਰੂਕ ਕਰਨ ਲਈ ਅਧਿਆਪਕਾਂ ਨੂੰ 'ਯੁੱਧ ਨਸ਼ਿਆਂ ਵਿਰੁੱਧ' ਵਿੱਚ ਮੁੱਖ ਭੂਮਿਕਾ ਨਿਭਾਉਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ ਅਤੇ ਉਨ੍ਹਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲੜਨ ਲਈ ਆਪਣੀ ਬੇਅੰਤ ਊਰਜਾ ਲਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਪੰਜਾਬ ਪਹਿਲਾਂ ਹੀ ਇਸ ਅਲਾਮਤ ਕਾਰਨ ਵੱਡਾ ਨੁਕਸਾਨ ਝੱਲ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਚੁੱਕੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਨਸ਼ਟ/ਜ਼ਬਤ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀਆਂ (ਪੀ.ਟੀ.ਐਮ.) ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੱਖਾਂ ਮਾਪੇ ਆਪਣੇ ਬੱਚਿਆਂ ਨੂੰ ਦਿੱਤੀ ਜਾ ਰਹੀ ਪੜ੍ਹਾਈ, ਮਾਹੌਲ, ਸਿਲੇਬਸ ਅਤੇ ਹੋਰ ਗੱਲਾਂ ਬਾਰੇ ਪੁੱਛਗਿੱਛ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਅਧਿਆਪਕਾਂ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਦੱਸਣ ਦਾ ਮੌਕਾ ਵੀ ਪ੍ਰਦਾਨ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਭ੍ਰਿਸ਼ਟ ਅਧਿਕਾਰੀ ਨੂੰ ਨੱਥ ਪਾਈ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਦਰ 'ਤੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਪਾਰਦਰਸ਼ਤਾ, ਕੁਸ਼ਲਤਾ ਅਤੇ ਜਵਾਬਦੇਹੀ ਲਿਆਉਣ ਲਈ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਵ-ਨਿਯੁਕਤ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਗਏ ਹਨ ਅਤੇ ਉਨ੍ਹਾਂ ਨੂੰ ਹੁਣ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਜਨਤਾ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।
ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਅਤੇ ਹੋਰ ਸ਼ਖਸੀਅਤਾਂ ਦਾ ਸਵਾਗਤ ਕੀਤਾ।

Tags:

Advertisement

Latest News

 ਨੇਪਾਲ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਨੇਪਾਲ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
Nepal ,April 5,2025,(Azad Soch News):- ਨੇਪਾਲ ਵਿੱਚ ਇੱਕ ਵਾਰ ਫਿਰ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ,ਭੂਚਾਲ ਦੇ ਝਟਕੇ...
ਮੰਤਰੀ ਅਨਿਲ ਵਿਜ ਨੇ ਕਿਹਾ ਕਿ ਵਕਫ਼ ਸੋਧ ਬਿੱਲ 2025 ਨੂੰ ਸਾਡੀ ਸਰਕਾਰ ਨੇ ਉਦਾਰਤਾ ਨਾਲ ਬਣਾਇਆ
ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ ਆਂਵਲੇ ਦਾ ਮੁਰੱਬਾ
ਸਨਰਾਈਜ਼ਰਸ ਹੈਦਰਾਬਾਦ ਨੂੰ IPL 2025 ਵਿੱਚ ਲਗਾਤਾਰ ਤੀਜੀ ਹਾਰ ਦਾ ਸਾਹਮਣਾ ਕਰਨਾ ਪਿਆ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-04-2025 ਅੰਗ 634
ਮੁੱਖ ਮੰਤਰੀ ਵੱਲੋਂ ਸ਼ਕਤੀਪੀਠ ਮਾਤਾ ਸ੍ਰੀ ਨੈਣਾ ਦੇਵੀ ਵਿਖੇ ਅਕੀਦਤ ਭੇਟ
ਮੋਗਾ ਪੁਲਿਸ ਦੀ ਨਸ਼ਾ ਤਸਕਰਾਂ ਉੱਪਰ ਵੱਡੀ ਕਾਰਵਾਈ, 3.5 ਕਰੋੜ ਤੋਂ ਵਧੇਰੇ ਦੀ ਜਾਇਦਾਦ ਜਬਤ