ਜ਼ਿਲ੍ਹਾ ਮਜਿਸਟਰੇਟ ਵੱਲੋਂ ਜ਼ਿਲ੍ਹੇ ਦੇ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਅਸਲਾ ਜਮ੍ਹਾਂ ਕਰਾਉਣ ਦੇ ਹੁਕਮ ਜਾਰੀ
ਫਿਰੋਜ਼ਪੁਰ 26 ਸਤੰਬਰ 2024......
ਜ਼ਿਲ੍ਹਾ ਮਜਿਸਟਰੇਟ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਲਾਇਸੰਸ ਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਆਪਣਾ- ਆਪਣਾ ਹਥਿਆਰ ਨੇੜੇ ਦੇ ਪੁਲਿਸ ਸਟੇਸ਼ਨ ਜਾਂ ਲਾਇਸੰਸੀ ਅਸਲਾ ਡੀਲਰਾਂ ਪਾਸ 29 ਸਤੰਬਰ 2024 ਤੱਕ ਸ਼ਾਮ 5 ਵਜੇ ਤੱਕ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਗ੍ਰਾਮ ਪੰਚਾਇਤ ਚੋਣਾਂ 2024 ਲਈ ਆਦਰਸ਼ ਚੋਣ ਜਾਬਤਾ ਸਬੰਧੀ ਪੂਰੇ ਪੰਜਾਬ ਰਾਜ ਵਿੱਚ ਗ੍ਰਾਮ ਪੰਚਾਇਤ ਦੀਆਂ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ, ਸਰਕਾਰੀ ਵਿਭਾਗਾਂ ਅਤੇ ਸਰਕਾਰੀ ਅਧਿਕਾਰੀਆਂ ਦੇ ਮਾਰਗਦਰਸ਼ਨ ਲਈ ਆਦਰਸ਼ ਚੋਣ ਜ਼ਾਬਤਾ ਲੱਗ ਚੁੱਕਾ ਹੈ। ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਲਾਇਸੰਸ ਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣਾ ਅਸਲਾ (ਹਥਿਆਰ) ਨੇੜਲੇ ਪੁਲਿਸ ਸਟੇਸ਼ਨਾਂ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਅਸਲਾ ਧਾਰਕਾਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾਂ ਕਰਵਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਇਹ ਹੁਕਮ ਆਦਰਸ਼ ਚੋਣ ਜਾਬਤਾ ਖਤਮ ਹੋਣ ਤੱਕ ਲਾਗੂ ਰਹੇਗਾ।