ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਜਾਰੀ
ਮਾਨਸਾ :18 ਸੰਤਬਰ
ਸਵਾਈਨ ਫਲੂ ਤੋਂ ਬਚਾਅ ਸਬੰਧੀ ਸਿਵਲ ਸਰਜਨ ਡਾ. ਹਰਦੇਵ ਸਿੰਘ ਪ੍ਰਧਾਨਗੀ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਇਸ ਦੌਰਾਨ ਲੋਕਾਂ ਨੂੰ ਸਵਾਈਨ ਫਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਵੀ ਜਾਰੀ ਕੀਤੀ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਸਵਾਈਨ ਫਲੂ ਨੇ ਸੂਬੇ ਅੰਦਰ ਦਸਤਕ ਦੇ ਦਿੱਤੀ ਹੈ, ਲੁਧਿਆਣਾ ਜ਼ਿਲੇ੍ਹ ਵਿਚ ਸਵਾਈਨ ਫਲੂ ਦੇ ਪਾਜ਼ੀਟਿਵ ਕੇਸ ਪਾਏ ਗਏ ਹਨ। ਉਨ੍ਹਾਂ ਇਸ ਬਿਮਾਰੀ ਤੋਂ ਬਚਾਓ ਸਬੰਧੀ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਵਿੱਚ ਉਚੇਚੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ।
ਸਿਵਲ ਸਰਜਨ ਨੇ ਕਿਹਾ ਕਿ ਸਵਾਈਨ ਫਲੂ ਤੋਂ ਡਰਨ ਦੀ ਲੋੜ ਨਹੀਂ ਸਗੋਂ ਇਸ ਤੋਂ ਬਚਣ, ਤੁਰੰਤ ਇਲਾਜ਼ ਦੇ ਉਪਰਾਲੇ ਕਰਨ ਅਤੇ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਸਵਾਇਨ ਫਲੂ ਐਚ-1.ਐਨ-1 ਨਾਮ ਦੇ ਵਿਸ਼ੇਸ਼ ਵਿਸ਼ਾਣੂ ਰਾਹੀਂ ਹੁੰਦਾ ਹੈ ਜੋ ਕਿ ਇੱਕ ਤੋਂ ਦੂਜੇ ਮਨੁੱਖ ਵਿਚ ਸਾਹ ਰਾਹੀਂ ਫੈਲਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਚਣ ਲਈ ਖੰਘਦੇ ਜਾਂ ਛਿੱਕਦੇ ਹੋਏ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ, ਆਪਣਾ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਪਹਿਲਾਂ ਤੇ ਬਾਅਦ ਵਿੱਚ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਡਾ. ਹਰਦੇਵ ਸਿੰਘ ਨੇ ਅੱਗੇ ਦੱਸਿਆ ਕਿ ਸਵਾਈਨ ਫਲੂ ਤੋਂ ਬਚਾਅ ਲਈ ਖੰਘ, ਵਗਦਾ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ, ਪੀਣ ਵਾਲੀਆਂ ਚੀਜ਼ਾਂ ਦਾ ਜ਼ਿਆਦਾ ਇਸਤੇਮਾਲ ਕਰਨਾ ਚਾਹੀਦਾ ਹੈ। ਫਲੂ ਦੇ ਲੱਛਣਾਂ ਵਾਲੇ ਮਰੀਜ਼ ਨਾਲ ਹੱਥ ਨਾ ਮਿਲਾਓ, ਬਾਹਰ ਅਤੇ ਖੁੱਲੇ ਮੈਦਾਨ ਵਿੱਚ ਥੁੱਕਣ ਤੋਂ ਗੁਰੇਜ਼ ਕਰੋ। ਉਨ੍ਹਾਂ ਕਿਹਾ ਕਿ ਅਜਿਹੀਆਂ ਸਾਵਧਾਨੀਆਂ ਰੱਖਣ ਨਾਲ ਸਵਾਈਨ ਫਲੂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ ਵੱਲੋਂ ਘਰ ਘਰ ਜਾ ਕੇ ਆਮ ਲੋਕਾਂ ਨੂੰ ਸਵਾਈਨ ਫਲੂ ਸਬੰਧੀ ਜਾਗਰੂਕ ਕੀਤਾ ਜਾਵੇਗਾ।
ਜ਼ਿਲ੍ਹਾ ਐਪੀਡਿਮੋਲੋਜਿਸਟ ਸੰਤੋਸ਼ ਭਾਰਤੀ ਨੇ ਸਵਾਇਨ ਫਲੂ ਦੇ ਮੁੱਖ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਤੇਜ਼ ਬੁਖਾਰ, ਖਾਂਸੀ, ਜੁਕਾਮ, ਛਿੱਕਾਂ ਆਉਣੀਆਂ, ਨੱਕ ਵਗਣਾ, ਗਲੇ ਵਿੱਚ ਦਰਦ, ਸਾਹ ਲੈਣ ਵਿਚ ਤਕਲੀਫ, ਦਸਤ ਲੱਗਣਾ, ਸਰੀਰ ਟੁੱਟਦਾ ਮਹਿਸੂਸ ਹੋਣਾ ਆਦਿ ਇਸ ਦੇ ਮੁੱਖ ਲੱਛਣ ਹੁੰਦੇ ਹਨ। ਅਜਿਹੇ ਲੱਛਣ ਹੋਣ ਤੇ ਸਾਨੂੰ ਆਪਣੇ ਆਪ ਦਵਾਈ ਨਹੀਂ ਲੈਣੀ ਚਾਹੀਦੀ ਸਗੋਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਵਿਖੇ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਸਵਾਈਨ ਫਲੂ ਦਾ ਟੈਸਟ ਅਤੇ ਦਵਾਈਆਂ ਮੁਫ਼ਤ ਉਪਲਬਧ ਕਰਵਾਈਆਂ ਜਾਂਦੀਆਂ ਹਨ।
ਇਸ ਮੌਕੇ ਡਾ. ਰਵਨੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ, ਵਿਜੈ ਕੁਮਾਰ ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜ਼ਰ, ਉਪ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਰਸ਼ਨ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।