ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ
ਫਿਰੋਜ਼ਪੁਰ, 22 ਜਨਵਰੀ ( )
ਅੱਜ ਬਸੰਤ ਮੇਲੇ ਦੇ ਪੰਤਗਬਾਜ਼ੀ ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ ਸ਼ਹੀਦ ਭਗਤ ਸਿੰਘ ਸਟੇਟ ਯੂਨਿਵਰਸਿਟੀ ਦੇ ਮੈਦਾਨ ਵਿੱਚ ਨੌਜਵਾਨਾਂ ਤੇ ਸਕੂਲੀ ਬੱਚਿਆਂ ਨੇ ਹਿੱਸਾ ਲਿਆ ਅਤੇ ਪੰਤਗਬਾਜ਼ੀ ਨੂੰ ਲੈ ਕੇ ਉਨ੍ਹਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਅੱਜ ਨਾਕਆਊਟ ਮੁਕਾਬਲਿਆਂ ਦੇ ਪਹਿਲੇ ਦਿਨ ਪਹੁੰਚ ਕੇ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 27 ਅਤੇ 28 ਜਨਵਰੀ 2025 ਨੂੰ ਰਾਜ ਪੱਧਰੀ ਬਸੰਤ ਪੰਚਮੀ ਪਤੰਗ ਮੇਲਾ ਕਰਵਾਇਆ ਜਾ ਰਿਹਾ ਹੈ ਅਤੇ ਜਿਸ ਦੇ ਨਾਕਆਊਟ ਮੁਕਾਬਲੇ ਸ਼ੁਰੂ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਪੰਤਗਬਾਜ਼ੀ ਮੁਕਾਬਲਿਆਂ ਵਿੱਚ ਹਿੱਸ ਲੈਣ ਲਈ ਮੌਕੇ ਤੇ ਵੀ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜੋ ਵੀ ਚਾਹਵਾਨ ਪੰਤਗਬਾਜ਼ੀ ਮੁਕਾਬਿਲਆਂ ਵਿੱਚ ਹਿੱਸਾ ਲੈਣਾ ਚਾਹੁੰਦਾ ਹੈ, ਉਹ ਮੌਕੇ ਤੇ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾ ਕੇ ਮੁਕਾਬਿਲਆਂ ਵਿੱਚ ਹਿੱਸਾ ਲੈ ਸਕਦੇ ਹਨ। ਫਾਈਨਲ ਮੁਕਾਬਲੇ 27 ਜਨਵਰੀ ਨੂੰ ਕਰਵਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਬਸੰਤ ਮੇਲੇ ਵਿੱਚ ਵੱਧ ਚੜ੍ਹ ਕੇ ਭਾਗ ਲਿਆ ਜਾਵੇ। ਉਨ੍ਹਾਂ ਨੇ ਪਤੰਗਬਾਜੀ ਮੁਕਾਬਿਲਆਂ ਵਿੱਚ ਹਿੱਸਾ ਲੈ ਰਹੇ ਨੌਜਵਾਨਾਂ ਅਤੇ ਸਕੂਲੀ ਬੱਚਿਆਂ ਦੀ ਹੌਂਸਲਾਅਫਜਾਈ ਵੀ ਕੀਤੀ। ਉਨ੍ਹਾਂ ਕਿਹਾ ਕਿ 27 ਅਤੇ 28 ਜਨਵਰੀ ਨੂੰ ਬਸੰਤ ਮੇਲਾ ਹੋਰ ਵੀ ਖਾਸ ਹੋਵੇਗਾ, ਜਿਸ ਵਿੱਚ ਵੱਖ ਵੱਖ ਥਾਵਾਂ ਤੋਂ ਹੈਂਡਕਰਾਫਟ ਸਟਾਲ, ਬੱਚਿਆਂ ਲਈ ਝੂਲੇ, ਖਾਣ-ਪੀਣ ਦੇ ਸਟਾਲ, ਸਭਿਆਚਾਰਕ ਪ੍ਰੋਗਰਾਮ ਹੋਵੇਗਾ ਅਤੇ ਨਾਮੀ ਗਾਇਕਾਂ ਵੱਲੋਂ ਆਪਣੇ ਗੀਤਾਂ ਨਾਲ ਲੋਕਾਂ ਦਾ ਮਨੋਰੰਜਨ ਕੀਤਾ ਜਾਵੇਗਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਦੇ ਨਾਲ-ਨਾਲ ਪੰਜਾਬ ਵਾਸੀਆਂ ਨੂੰ ਇਸ ਮੇਲੇ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਨੇ ਬਸੰਤ ਮੇਲੇ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਵੀ ਕੀਤੀ ਅਤੇ ਜ਼ਰੂਰੀ ਨਿਰਦੇਸ਼ ਦਿੱਤੇ ਤਾਂ ਜੋ ਮੇਲੇ ਨੂੰ ਪੂਰੀ ਸਫ਼ਲਤਾ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਚਾਈਨਾ ਡੋਰ ਦੀ ਵਰਤੋਂ ਦੀ ਸਖ਼ਤ ਮਨਾਹੀ ਵੀ ਕੀਤੀ ਅਤੇ ਕਿਹਾ ਕਿ ਕੋਈ ਵੀ ਚਾਈਨਾ ਡੋਰ ਦੀ ਵਰਤੋਂ ਨਾ ਕਰੇ।
ਇਸ ਮੌਕੇ ਐਸ.ਡੀ.ਐਮ. ਜ਼ੀਰਾ ਗੁਰਮੀਤ ਸਿੰਘ, ਡਿਪਟੀ ਡੀ.ਈ.ਓ. ਡਾ. ਸਤਿੰਦਰ ਸਿੰਘ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਐਨਜੀਓਜ਼ ਦੇ ਮੈਂਬਰ ਹਾਜ਼ਰ ਸਨ।