ਐਸ.ਡੀ.ਐਮ. ਨੇ ਨਸ਼ਾ ਖਾਤਮਾ ਮੁਹਿੰਮ ਲਈ ਯੂਥ ਕਲੱਬਾਂ ਤੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ, 31 ਜਨਵਰੀ: ਉਪ ਮੰਡਲ ਹੁਸ਼ਿਆਰਪੁਰ ਨੇ ਨਸ਼ੇ ਦੇ ਖਾਤਮੇ ਲਈ ਵਿਸ਼ੇਸ਼ ਯਤਨ ਕਰਦੇ ਹੋਏ ਸ਼ੁੱਕਰਵਾਰ ਨੂੰ ਐਸ.ਡੀ.ਐਮ. ਹੁਸ਼ਿਆਰਪੁਰ ਸੰਜੀਵ ਸ਼ਰਮਾ ਨੇ ਵੱਖ-ਵੱਖ ਯੂਥ ਕਲੱਬਾਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ।ਇਸ ਦੌਰਾਨ ਉਨ੍ਹਾਂ ਨਾਲ ਐਸ.ਪੀ (ਹੈਡਕੁਆਰਟਰ) ਮਨੋਜ ਠਾਕੁਰ ਵੀ ਮੌਜੂਦ ਸਨ। ਇਸ ਮੀਟਿੰਗ ਵਿਚ ਨਸ਼ੇ ਦੇ ਖਿਲਾਫ਼ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਗ੍ਰਾਮ ਪੰਚਾਇਤਾਂ ਅਤੇ ਵਿਦਿਅਕ ਅਦਾਰਿਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ ਗਿਆ।
ਐਸ.ਡੀ.ਐਮ ਨੇ ਕਿਹਾ ਕਿ ਨਸ਼ਾ ਖਾਤਮੇ ਵਿੱਚ ਗ੍ਰਾਮ ਪੰਚਾਇਤਾਂ ਤੋਂ ਇਲਾਵਾ ਵਿੱਦਿਅਕ ਸੰਸਥਾਵਾਂ ਦੀ ਭੂਮਿਕਾ ਵੀ ਬਹੁਤ ਅਹਿਮ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਜਿਥੇ ਪਿੰਡਾਂ ਵਿਚ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਕੰਮਾਂ ਜਿਵੇਂ ਕਿ ਪਿੰਡਾਂ ਦੇ ਵਿਕਾਸ, ਖੇਡ ਅਤੇ ਹੋਰ ਪੇਂਡੂ ਵਿਕਾਸ ਦੀਆਂ ਗਤੀਵਿਧੀਆਂ ਵਿਚ ਵਰਤੋਂ ਵਿਚ ਲਿਆ ਸਕਦੇ ਹਨ ਉਥੇ ਵਿਦਿਅਕ ਅਦਾਰਿਆਂ ਅਜਿਹੇ ਸਥਾਨ ਹਨ ਜਿਥੇ ਨੌਜਵਾਨ ਆਪਣੇ ਸਮੇਂ ਦਾ ਸਭ ਤੋਂ ਵੱਧ ਪ੍ਰਯੋਗ ਕਰਦੇ ਹਨ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਪ੍ਰਤੀ ਵੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਣ।
ਐਸ.ਡੀ.ਐਮ. ਨੇ ਨਸ਼ਾ ਛੁਡਾਊ ਕੇਂਦਰਾਂ ਦੇ ਕੌਂਸਲਰਾਂ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਸੈਮੀਨਾਰ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਮੀਨਾਰਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਖ਼ਤਰਿਆਂ ਅਤੇ ਇਸ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿੱਦਿਅਕ ਸੰਸਥਾਵਾਂ ਵਿੱਚ ਲਗਾਤਾਰ ਜਾਗਰੂਕਤਾ ਪ੍ਰੋਗਰਾਮ ਚਲਾਏ ਜਾਣ।
ਸੰਜੀਵ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਿਹਤ ਵਿਭਾਗ ਦੇ ਨਾਲ ਅਤੇ ਪੁਲਿਸ ਦੇ ਸਹਿਯੋਗ ਨਾਲ ਕੈਮਿਸਟ ਦੀਆਂ ਦੁਕਾਨਾਂ ਦੀ ਚੈਕਿੰਗ ਵੀ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਖਤਮ ਕਰਨ ਦੀ ਮੁਹਿੰਮ ਵਿੱਚ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਤਨਦੇਹੀ ਨਾਲ ਕੰਮ ਕਰਨ।
ਮੀਟਿੰਗ ਦੌਰਾਨ ਵੱਖ-ਵੱਖ ਯੂਥ ਕਲੱਬਾਂ, ਹੋਰ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨੇ ਨਸ਼ੇ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਸਬੰਧੀ ਆਪਣੇ ਵਿਚਾਰ ਸਾਂਝਾ ਕੀਤੇ। ਉਨ੍ਹਾਂ ਕਿਹਾ ਕਿ ਸਾਂਝੇ ਪੱਧਰ 'ਤੇ ਕੀਤੇ ਗਏ ਯਤਨਾਂ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਏ ਹਨ ਅਤੇ ਇਸ ਦਿਸ਼ਾ ਵਿੱਚ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਨਾਲ ਹੀ ਬਿਹਤਰ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ।
Latest News
