28 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

28 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

ਚੰਡੀਗੜ੍ਹ, 27 ਅਕਤੂਬਰ, 2024 -

ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਵਿੱਚ 28 ਅਕਤੂਬਰ ਤੋਂ 3 ਨਵੰਬਰ ਤੱਕ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ, ਜਿਸ ਦੌਰਾਨ ਨਾਗਰਿਕਾਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਾਰੇ ਜਾਗਰੂਕ ਕੀਤਾ ਜਾਵੇਗਾ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਜਾਰੀ ਰਹੇਗੀ ਅਤੇ ਭ੍ਰਿਸ਼ਟਾਚਾਰ ਦੀ ਕਿਸੇ ਵੀ ਕਾਰਵਾਈ ਵਿਰੁੱਧ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਰਾਜ ਅਤੇ ਇਸ ਦੇ ਨਾਗਰਿਕਾਂ ਦੀ ਅਖੰਡਤਾ ਅਤੇ ਮਾਣ ਵਿਰੁੱਧ ਕੀਤੇ ਗਏ ਘਿਨਾਉਣੇ ਅਪਰਾਧ ਵਰਗਾ ਹੈ, ਫਿਰ ਭਾਵੇਂ ਇਹ ਸੇਵਾ ਪ੍ਰਦਾਨ ਕਰਨ ਵਾਲੇ ਜਾਂ ਸੇਵਾ ਲੈਣ ਵਾਲੇ ਵਿਅਕਤੀ ਵੱਲੋਂ ਕੀਤਾ ਗਿਆ ਹੋਵੇ।

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੇਰਾ ਸੁਪਨਾ  ਭ੍ਰਿਸ਼ਟਾਚਾਰ ਮੁਕਤ ਪੰਜਾਬ ਬਣਾਉਣਾ ਅਤੇ ਨਿੱਜੀ ਤੇ ਜਨਤਕ ਖੇਤਰ ਦੇ ਸਰਬਪੱਖੀ ਵਿਕਾਸ ਜ਼ਰੀਏ ਲੋਕਾਂ ਖਾਸ ਕਰਕੇ ਪੰਜਾਬ ਦੇ ਨੌਜਵਾਨਾਂ ਦੇ ਚਿਹਰਿਆਂ 'ਤੇ ਮੁਸਕਰਾਹਟ ਲਿਆਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਲਈ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ।

ਵਿਸ਼ੇਸ਼ ਡੀਜੀਪੀ-ਕਮ-ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਸ੍ਰੀ ਵਰਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਰਾਜ ਵਿਜੀਲੈਂਸ ਬਿਊਰੋ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਦੇ ਇਸ ਨੇਕ ਕਾਰਜ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਵਿਜੀਲੈਂਸ ਚੀਫ਼ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਇਮਾਨਦਾਰੀ ਤੇ ਕੁਸ਼ਲਤਾ ਨਾਲ ਕੰਮ ਕਰਨ ਅਤੇ ਵਿਜੀਲੈਂਸ ਬਿਊਰੋ ਦੇ ਬਕਾਇਆ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਉਣ ਲਈ ਕਿਹਾ। 

ਉਨ੍ਹਾਂ ਦੱਸਿਆ ਕਿ ਇਸ ਸਾਲ ਵਿਜੀਲੈਂਸ ਜਾਗਰੂਕਤਾ ਹਫ਼ਤੇ ਦਾ ਉਦੇਸ਼ ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਸੋਚ ਅਨੁਸਾਰ ‘ਦੇਸ਼ ਦੀ ਖੁਸ਼ਹਾਲੀ ਲਈ ਇਮਾਨਦਾਰੀ ਵਾਲੇ ਸੱਭਿਆਚਾਰ’ ਦੀ ਸਿਰਜਣਾ ਹੈ। ਇਸ ਜਾਗਰੂਕਤਾ ਹਫ਼ਤੇ ਦੌਰਾਨ  ਨਾਗਰਿਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਬਿਊਰੋ ਵੱਲੋਂ ਸੂਬੇ ਦੀਆਂ ਸਾਰੀਆਂ 7 ਰੇਂਜਾਂ ਵਿੱਚ ਵਿੱਦਿਅਕ ਸੰਸਥਾਵਾਂ ਅਤੇ ਹੋਰ ਥਾਵਾਂ 'ਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਦੌਰਾਨ ਵਿਜੀਲੈਂਸ ਬਿਊਰੋ ਦੇ ਸਾਰੇ ਐਸ.ਐਸ.ਪੀਜ਼. ਅਤੇ ਫੀਲਡ ਅਫ਼ਸਰ ਲੋਕਾਂ ਨਾਲ ਗੱਲਬਾਤ ਕਰਦਿਆਂ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਦਾ ਸੰਦੇਸ਼ ਦੇਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਨੇ ਮਾਰਚ 2022 ਤੋਂ ਹੁਣ ਤੱਕ ਭ੍ਰਿਸ਼ਟਾਚਾਰ ਦੇ 673 ਕੇਸ ਦਰਜ ਕੀਤੇ ਹਨ। ਇਨ੍ਹਾਂ ਕੇਸਾਂ ਦੀ ਜਾਂਚ ਦੌਰਾਨ ਕੁੱਲ 758 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਨਾਗਰਿਕ ਪੱਖੀ ਸ਼ਿਕਾਇਤ ਪ੍ਰਣਾਲੀ ਲਾਗੂ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਲ 2022 ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਟਸਐਪ ਨੰਬਰ 9501-200-200  ਸ਼ੁਰੂ ਕੀਤੀ ਗਈ ਸੀ ਅਤੇ ਬਿਊਰੋ ਨੇ ਇਸ ਐਕਸ਼ਨ ਲਾਈਨ ‘ਤੇ ਪ੍ਰਾਪਤ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਦਿਆਂ 189 ਐਫ.ਆਈ.ਆਰ. ਦਰਜ ਕੀਤੀਆਂ ਹਨ।

Tags:

Advertisement

Latest News

ਕੈਨੇਡਾ ਸਰਕਾਰ ਨੇ ਵਿਜ਼ਿਟਰ ਵੀਜ਼ੇ ਉਤੇ ਆਉਣ ਵਾਲਿਆਂ ਨੂੰ ਵੱਡਾ ਝਟਕਾ ਕੈਨੇਡਾ ਸਰਕਾਰ ਨੇ ਵਿਜ਼ਿਟਰ ਵੀਜ਼ੇ ਉਤੇ ਆਉਣ ਵਾਲਿਆਂ ਨੂੰ ਵੱਡਾ ਝਟਕਾ
Canada,13,NOV,2024,(Azad Soch News):- ਕੈਨੇਡਾ ਸਰਕਾਰ (Caanda Government) ਨੇ ਵਿਜ਼ਿਟਰ ਵੀਜ਼ੇ (Canada Visitor Visa) ਉਤੇ ਆਉਣ ਵਾਲਿਆਂ ਨੂੰ ਵੱਡਾ ਝਟਕਾ ਦਿੰਦਿਆਂ...
ਝਾਰਖੰਡ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ’ਚ ਅੱਜ 43 ਸੀਟਾਂ ’ਤੇ ਵੋਟਿੰਗ ਹੋਵੇਗੀ
ਮਥੁਰਾ ਰਿਫਾਇਨਰੀ ਵਿੱਚ ਅਚਾਨਕ ਧਮਾਕਾ ਹੋਣ ਤੋਂ ਬਾਅਦ ਅੱਗ ਲੱਗ ਗਈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-11-2024 ਅੰਗ 637
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ
ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਐਵਾਰਡਾਂ ਲਈ ਨੋਮੀਨੇਸ਼ਨਾਂ ਦੀ ਮੰਗ
ਡੀਏਪੀ ਦੀ ਬਜਾਏ ਹੋਰ ਖਾਦਾਂ ਦੀ ਵਰਤੋਂ ਕਰਨ ਨੂੰ ਤਰਜ਼ੀਹ ਦੇਣ ਕਿਸਾਨ: ਡਿਪਟੀ ਕਮਿਸ਼ਨਰ